ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਬੁੱਧਵਾਰ ਤੱਕ ਜਾਰੀ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨਾਲ ਉਮੀਦਵਾਰਾਂ ਦੀ ਮੈਰਿਟ ਦੇ ਆਧਾਰ ’ਤੇ ਚੋਣ ਕਰਨ ਲਈ ਗੱਲਬਾਤ ਆਖਰੀ ਪੜਾਅ ’ਤੇ ਪਹੁੰਚ ਚੁੱਕੀ ਹੈ ਅਤੇ ਉਮੀਦ ਹੈ ਕਿ ਮਹਾ ਗਠਜੋੜ ਦਾ ਟਿਕਟਾਂ ਦੀ ਵੰਡ ਦਾ ਇਹ ਪੜਾਅ ਜਲਦ ਮੁਕੰਮਲ ਹੋ ਜਾਵੇਗਾ। ਆਪਣੀ ਰਿਹਾਇਸ਼ ਵਿਖੇ ਸੰਖੇਪ ਗੱਲਬਾਤ ਦੌਰਾਨ ਸ੍ਰੀ ਢੀਂਡਸਾ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਹੋਰ ਪੰਥਕ ਤੇ ਪੰਜਾਬ ਦੇ ਮਸਲਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਦਾ ਹਾਂ ਪੱਖੀ ਰਵੱਈਆ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਖੇਤੀ ਕਾਨੂੰਨਾਂ ਪ੍ਰਤੀ ਕੇਂਦਰ ਸਰਕਾਰ ਦਾ ਰਵੱਈਆ ਨਰਮ ਕਰਨ ਅਤੇ ਰੁੱਖ ਮੋੜਨ ਵਿੱਚ ਅਹਿਮ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਟਕਰਾਅ ਬਣਾ ਕੇ ਕੋਈ ਸੂਬਾ ਤਰੱਕੀ ਨਹੀਂ ਕਰ ਸਕਦਾ। ਇਸ ਲਈ ਉਨ੍ਹਾਂ ਪੰਜਾਬ ਦੀ ਤਰੱਕੀ, ਬਿਹਤਰੀ ਤੇ ਪੰਥਕ ਮਸਲਿਆਂ ਨੂੰ ਹੱਲ ਕਰਨ ਦੇ ਉਦੇਸ਼ ਹਿਤ ਭਾਜਪਾ ਨਾਲ ਸਾਂਝ ਪਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਵਿਚਕਾਰ ਵਧੀਆ ਤਾਲਮੇਲ ਬਣ ਚੁੱਕਾ ਹੈ। ਹੁਣ ਵਰਕਰਾਂ ਤੇ ਅਹੁਦੇਦਾਰਾਂ ਵਿਚਕਾਰ ਤਾਲਮੇਲ ਬਣਾਉਣ ਲਈ ਛੇਤੀ ਹੀ ਵਰਕਰਾਂ ਦੀਆਂ ਸਾਂਝੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।