ਐਸਏਐਸ ਨਗਰ (ਮੁਹਾਲੀ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਪਾਣੀਆਂ ਦੀ ਵਕਾਲਤ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਪਹਿਲਾ ਹੱਕ ਪੰਜਾਬੀਆਂ ਦਾ ਹੈ। ਅੱਜ ਇੱਥੇ ਭਗਤ ਆਸਾ ਰਾਮ ਦੀ ਸਮਾਧ ’ਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਨਹਿਰੀ ਪਾਣੀ ਨਾਲ ਪਹਿਲਾਂ ਪੰਜਾਬ ਦੀ ਲੋੜ ਪੂਰੀ ਕੀਤੀ ਜਾਵੇ। ਇਸ ਮਗਰੋਂ ਜੇਕਰ ਪਾਣੀ ਬਚਦਾ ਹੈ ਤਾਂ ਬਾਕੀ ਸੂਬਿਆਂ ਨੂੰ ਦੇਣ ਬਾਰੇ ਕੋਈ ਇਤਰਾਜ਼ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ ਅਤੇ ਕਿਰਪਾਲ ਸਿੰਘ ਸਿਆਊ ਨੇ ਕਿਹਾ ਕਿ 5 ਅਗਸਤ ਨੂੰ ਗੁਰਦੁਆਰਾ ਅੰਬ ਸਾਹਿਬ ਵਿੱਚ ਕਿਸਾਨਾਂ ਦਾ ਇਕੱਠ ਕੀਤਾ ਜਾਵੇਗਾ, ਜਿਸ ਮਗਰੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। -ਪੱਤਰ ਪ੍ਰੇਰਕ