ਟ੍ਰਿਬਿਊਨ ਨਿਊਜ਼ ਸਰਵਿਸ/ਨਵੀਂ ਦਿੱਲੀ
ਚੰਡੀਗੜ੍ਹ/ਪੱਤਰ ਪ੍ਰੇਰਕ, 12 ਦਸੰਬਰ
ਸਕੂਲੀ ਸਿੱਖਿਆ ਬਾਰੇ ਚੱਲ ਰਹੀ ਅੰਤਰਰਾਜੀ ਸਿਆਸੀ ਜੰਗ ਨੂੰ ਤੇਜ਼ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ, ‘ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਹੈ। ਸਕੂਲਾਂ ਵਿੱਚ ਪੜ੍ਹਾਈ ਬਿਲਕੁਲ ਨਹੀਂ ਹੋ ਰਹੀ, ਜਿਸ ਕਾਰਨ ਸੂਬੇ ਦੇ 24 ਲੱਖ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਹੈ। ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ ਪਰ ਉਹ ਵੀ ਪ੍ਰੇਸ਼ਾਨ ਹਨ। ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਿਰਫ਼ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ।’ ‘ਆਪ’ ਸੁਪਰੀਮੋ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਵੀ ਖਰਾਬ ਸੀ ਪਰ ‘ਆਪ’ ਨੇ ਮਿਹਨਤ ਕਰਕੇ ਦਿੱਲੀ ਦੇ ਬਦਹਾਲ ਸਕੂਲਾਂ ਦੀ ਹਾਲਤ ਸੁਧਾਰੀ ਹੈ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਸਰਕਾਰੀ ਸਕੂਲ ਇੰਨੇ ਵਧੀਆ ਹੋ ਗਏ ਹਨ ਕਿ ਇਸ ਸਾਲ ਦਿੱਲੀ ਦੇ ਢਾਈ ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਤੋਂ ਇਨ੍ਹਾਂ ਸਿਆਸੀ ਪਾਰਟੀਆਂ ਨੇ ਜਾਣਬੁੱਝ ਕੇ ਸਰਕਾਰੀ ਸਕੂਲਾਂ ਦੀ ਦਸ਼ਾ ਵਿਗਾੜੀ ਹੈ ਤਾਂ ਕਿ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਦੇ ਬੱਚੇ ਪੜ੍ਹ ਨਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਾਸੀ ‘ਆਪ’ ਨੂੰ ਮੌਕਾ ਦੇਣ ਤਾਂ ਪੰਜਾਬ ਦੇ ਸਕੂਲਾਂ ਨੂੰ ਦਿੱਲੀ ਦੀ ਤਰਜ਼ ’ਤੇ ਸ਼ਾਨਦਾਰ ਬਣਾਇਆ ਜਾਵੇਗਾ।
ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਕੇਜਰੀਵਾਲ ਤੋਂ ਡਰ ਲੱਗਦੈ: ਸਤਿੰਦਰ ਜੈਨ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ‘ਆਪ’ ਦੇ ਸੀਨੀਅਰ ਆਗੂ ਤੇ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਨਕੋਦਰ ਵਿੱਚ ਛੋਟੇ ਅਤੇ ਮੱਧਮ ਵਰਗ ਦੇ ਵਪਾਰੀਆਂ ਨਾਲ ਸੰਵਾਦ ਰਚਾਉਂਦਿਆਂ ਦਾਅਵਾ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਵਿੱਚੋਂ ਲੁੱਟ ਤੰਤਰ ਖ਼ਤਮ ਕਰ ਦਿੱਤਾ ਜਾਵੇਗਾ ਤੇ ਲੋਕਾਂ ਦੇ ਪੈਸੇ ਨਾਲ ਲੋਕਾਂ ਦਾ ਹੀ ਵਿਕਾਸ ਕੀਤਾ ਜਾਵੇਗਾ। ਸ੍ਰੀ ਜੈਨ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ’ਤੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖ਼ੋਰੀ ਦੀ ਪ੍ਰਥਾ ਖ਼ਤਮ ਕੀਤੀ ਜਾਵੇਗੀ। ਅਕਾਲੀ ਦਲ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ ਜੈਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਕੇਜਰੀਵਾਲ ਤੋਂ ਡਰ ਲਗਦਾ ਹੈ ਕਿ ਜੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣ ਗਈ ਤਾਂ ਉਨ੍ਹਾਂ ਦਾ ਲੁੱਟ ਦਾ ਧੰਦਾ ਬੰਦ ਹੋ ਜਾਵੇਗਾ ਤੇ ਸਾਰੀਆਂ ਕਾਲੀਆਂ ਫਾਈਲਾਂ ਖੋਲ੍ਹੀਆਂ ਜਾਣਗੀਆਂ।