DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ੍ਹੇ

ਪਹਿਲੇ ਦਿਨ 4500 ਤੋਂ ਵੱਧ ਸ਼ਰਧਾਲੂਆਂ ਨੇ ਮੱਥਾ ਟੇਕਿਆ
  • fb
  • twitter
  • whatsapp
  • whatsapp
featured-img featured-img
ਸ੍ਰੀ ਹੇਮਕੁੰਟ ਸਾਹਿਬ ਵਿੱਚ ਪੰਜ ਪਿਆਰਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 25 ਮਈ

Advertisement

ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਖੁੱਲ੍ਹ ਗਏ ਹਨ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਅਨੁਸਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਪਹਿਲੇ ਦਿਨ ਲਗਪਗ 4500 ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ ਹੇਮਕੁੰਟ ਸਾਹਿਬ ’ਚ ਮੱਥਾ ਟੇਕਿਆ।

ਅੱਜ ਸਵੇਰੇ ਜਦੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਤਾਂ ਗ੍ਰੰਥੀ ਗਿਆਨੀ ਮਿਲਾਪ ਸਿੰਘ ਸੁੱਖਆਸਨ ਵਾਲੇ ਅਸਥਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਆਪਣੇ ਸਿਰ ’ਤੇ ਚੁੱਕ ਕੇ ਦਰਬਾਰ ਹਾਲ ਵਿੱਚ ਲੈ ਕੇ ਆਏ ਅਤੇ ਸੁਸ਼ੋਭਿਤ ਕੀਤਾ। ਇਸ ਮੌਕੇ ਪੰਜ ਪਿਆਰੇ ਅਗਵਾਈ ਕਰ ਰਹੇ ਸਨ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸ਼ਬਦ ਗਾਇਨ ਕੀਤੇ ਗਏ। ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਬਰਫ਼ ਜੰਮੀ ਹੋਣ ਦੇ ਬਾਵਜੂਦ ਸੰਗਤ ਨੇ ਸ਼ਰਧਾ ਭਾਵਨਾ ਨਾਲ ਸਰੋਵਰ ਵਿੱਚ ਇਸ਼ਨਾਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਪ੍ਰਬੰਧਕਾਂ ਵੱਲੋਂ ਫੁੱਲਾਂ ਦੇ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ। ਸਵੇਰੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਮਗਰੋਂ ਅਰਦਾਸ ਕੀਤੀ ਗਈ। ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੋਬਿੰਦ ਕਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਯਾਤਰਾ ਲਈ ਪੁੱਜੀ ਸੰਗਤ ਨੂੰ ‘ਜੀ ਆਇਆਂ’ ਕਿਹਾ ਅਤੇ ਯਾਤਰਾ ਸਬੰਧੀ ਕੁਝ ਜ਼ਰੂਰੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸਫ਼ਲਤਾ ਲਈ ਜਿੱਥੇ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ, ਉਥੇ ਸਥਾਨਕ ਪ੍ਰਸ਼ਾਸਨ ਅਤੇ ਭਾਰਤੀ ਫੌਜ ਦੇ ਜਵਾਨਾਂ ਨੇ ਵੀ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਅਸਥਾਨ ’ਤੇ ਸ਼ਰਧਾ ਭਾਵਨਾ ਨਾਲ ਆਉਣ ਅਤੇ ਗੁਰੂ ਦਾ ਸਿਮਰਨ ਕਰਦੇ ਹੋਏ ਯਾਤਰਾ ਕਰਨ। ਫਿਲਹਾਲ ਮੌਜੂਦਾ ਸਥਿਤੀ ਵਿੱਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਯਾਤਰਾ ’ਤੇ ਆਉਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਅਸਥਾਨ ਦੀ ਯਾਤਰਾ ਬਾਰੇ ਕਿਸੇ ਵੀ ਤਰ੍ਹਾਂ ਦੇ ਭਰਮ ਭੁਲੇਖੇ ਵਿੱਚ ਪੈਣ ਦੀ ਥਾਂ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਸਹੀ ਜਾਣਕਾਰੀ ਲੈਣ। ਇਸ ਮੌਕੇ ਬਰਫ਼ ਹਟਾ ਕੇ ਰਾਹ ਸਾਫ਼ ਕਰਨ ਵਾਲੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਸਣੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ।

Advertisement
×