ਅੱਜ ਬੰਦ ਹੋਣਗੇ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਦੇ ਸਮਾਪਤੀ ਸਮਾਗਮ ਸਮੇਂ ਪਹਿਲੀ ਵਾਰ ਗੁਰਦੁਆਰੇ ਨੂੰ ਪੰਜ ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਯਾਤਰਾ ਦੀ ਸਮਾਪਤੀ ਮੌਕੇ ਇਸ ਵਾਰ ਪਹਿਲੀ ਵਾਰ ਗੁਰਦੁਆਰਾ ਹੇਮਕੁੰਟ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਲਗਪਗ ਪੰਜ ਕੁਇੰਟਲ ਵੱਖ-ਵੱਖ ਕਿਸਮਾਂ ਫੁੱਲਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸੰਗਤ ਵੱਲੋਂ ਦੋ ਦਿਨ ਤੋਂ ਫੁੱਲਾਂ ਦੀ ਸਜਾਵਟ ਦਾ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਵੇਰੇ ਅਰਦਾਸ ਉਪਰੰਤ ਖਾਲਸਾਈ ਰਵਾਇਤਾਂ ਨਾਲ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੁੱਖ ਆਸਣ ਵਾਲੇ ਅਸਥਾਨ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਾਬਕਾ ਫੌਜੀ ਅਤੇ ਗੜਵਾਲ ਬੈਂਡ ਪੁੱਜ ਗਿਆ ਹੈ। ਸਮਾਪਤੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਲਗਪਗ 2000 ਤੋਂ ਵੱਧ ਸ਼ਰਧਾਲੂ ਗੁਰਦੁਆਰਾ ਗੋਬਿੰਦ ਧਾਮ ਪੁੱਜ ਚੁੱਕੇ ਹਨ, ਜੋ ਸਵੇਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪੁੱਜਣਗੇ। ਲਗਪਗ ਡੇਢ ਵਜੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਇਸ ਸਾਲ ਦੀ ਯਾਤਰਾ ਲਈ ਬੰਦ ਕਰ ਦਿੱਤੇ ਜਾਣਗੇ। ਇਸ ਮਗਰੋਂ ਸੰਗਤ ਜਾਪ ਕਰਦੀ ਹੋਈ ਹੇਠਾਂ ਗੁਰਦੁਆਰਾ ਗੋਬਿੰਦ ਧਾਮ ਪੁੱਜੇਗੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ ਸਾਲ ਲਗਪਗ 2 ਲੱਖ 76 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ ਜੋ ਪਿਛਲੇ ਸਾਲ ਨਾਲੋਂ ਲਗਪਗ 40 ਹਜ਼ਾਰ ਵੱਧ ਹਨ।