ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋਵੇਗੀ ਅਤੇ ਇਸੇ ਦਿਨ ਹੀ ਗੁਰਦੁਆਰੇ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਜਾਣਗੇ। ਇਸ ਸਬੰਧ ਵਿੱਚ ਅੱਜ ਗੁਰਦੁਆਰਾ ਗੋਬਿੰਦ ਘਾਟ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ ਹਨ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਅਮਲਾ ਗੁਰਦੁਆਰਾ ਹੇਮਕੁੰਟ ਸਾਹਿਬ ਵਾਸਤੇ ਰਵਾਨਾ ਹੋਇਆ। 10 ਅਕਤੂਬਰ ਨੂੰ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਜਾਵੇਗਾ। ਅਰਦਾਸ ਮਗਰੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੀਤ ਕਾਲ ਵਾਸਤੇ ਸੁਖ ਅਸਥਾਨ ਵਿੱਚ ਲਿਜਾਇਆ ਜਾਵੇਗਾ। ਇਸ ਮੌਕੇ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵੱਲੋਂ ਹੇਮਕੁੰਟ ਸਾਹਿਬ ਸੇਵਾ ਲਈ ਵਿਸ਼ੇਸ਼ ਯੋਗਦਾਨ ਦੇਣ ਵਾਲੀ ਭਾਰਤੀ ਫ਼ੌਜ ਦੀ ਨੌਂ ਬਟਾਲੀਅਨ ਅਤੇ ਇੰਡੀਪੈਂਡੈਂਟ ਕੋਰ ਦੇ ਅਧਿਕਾਰੀਆਂ ਦਾ ਸਨਮਾਨ ਕਰਨਗੇ, ਜੋ ਹਰ ਸਾਲ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰੇ ਦੇ ਆਲੇ-ਦੁਆਲੇ ਅਤੇ ਰਸਤਿਆਂ ਤੋਂ ਬਰਫ਼ ਹਟਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਯਾਤਰਾ ਸਮਾਪਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਪਗ ਪੌਣੇ ਤਿੰਨ ਲੱਖ ਸੰਗਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਆ ਚੁੱਕੀ ਹੈ।
+
Advertisement
Advertisement
Advertisement
×