ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਈ
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਪਰੀਮ ਕੋਰਟ ਵਿਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਇਹ ਕਬੂਲਿਆ ਹੈ ਕਿ ‘ਆਪ’ ਸਰਕਾਰ ਵੱਲੋਂ ਉੱਘੇ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕੀਤੀ ਕਟੌਤੀ ਹੀ ਉਸ ਦੀ ਮੌਤ ਦਾ ਕਾਰਨ ਬਣੀ ਹੈ ਜਿਸ ਕਰ ਕੇ ਹੁਣ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਲਾਹਕਾਰ ਬਲਤੇਜ ਪੰਨੂ ਖ਼ਿਲਾਫ਼ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ।
ਸ੍ਰੀ ਮਜੀਠੀਆ ਨੇ ਕਿਹਾ ਕਿ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਇਹ ਗੱਲ ਮੁੱਖ ਮੰਤਰੀ ਦੇ ਘਰ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਾਈ ਪਟੀਸ਼ਨ ਦੀ ਸੁਣਵਾਈ ਦੌਰਾਨ ਕਬੂਲੀ ਹੈ। ਉਹ ਇਹ ਦਲੀਲ ਦੇ ਰਹੇ ਸਨ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਸੁਰੱਖਿਆ ਕਾਰਨਾਂ ਕਰ ਕੇ ਬੰਦ ਹੀ ਰਹਿਣ ਦਿੱਤੀ ਜਾਵੇ। ਹੁਣ ਤੱਕ ਮੂਸੇਵਾਲਾ ਦੇ ਮਾਪੇ ਜੋ ਗੱਲ ਕਹਿ ਰਹੇ ਸਨ ਉਹ ਹੁਣ ਸਰਕਾਰੀ ਤੌਰ ’ਤੇ ਕਬੂਲ ਲਈ ਗਈ ਹੈ।