ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਗਸਤ
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੱਲੇਦਾਰ ਮਜ਼ਦੂਰਾਂ ਨੂੰ ਯਕੀਨ ਦਿਵਾਇਆ ਹੈ ਪੰਜਾਬ ਸਰਕਾਰ ਉਨ੍ਹਾਂ ਨੂੰ ਬਣਦਾ ਹੱਕ ਦਿਵਾਉਣ ਅਤੇ ਉਨ੍ਹਾਂ ਨਾਲ ਹੁੰਦੇ ਕਿਸੇ ਵੀ ਕਿਸਮ ਦੇ ਧੱਕੇ ਨੂੰ ਰੋਕਣ ਲਈ ਵਚਨਬੱਧ ਹੈ। ਅੱਜ ਇਥੇ ਪੰਜਾਬ ਭਵਨ ਵਿੱਚ ਪੱਲੇਦਾਰ ਯੂਨੀਅਨਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਅਤੇ ਪੱਲੇਦਾਰ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ। ਯੂਨੀਅਨਾਂ ਆਗੂਆਂ ਵੱਲੋਂ ਪੱਲੇਦਾਰ ਮਜ਼ਦੂਰਾਂ ਨੂੰ ਠੇਕੇਦਾਰੀ ਪ੍ਰਣਾਲੀ ਤੋਂ ਮੁਕਤੀ ਦਿਵਾਉਣ ਦੀ ਕੀਤੀ ਗਈ ਮੰਗ ’ਤੇ ਚੀਮਾ ਨੇ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਆਉਂਦੇ ਖਰੀਦ ਸੀਜ਼ਨ ਵਾਸਤੇ ਠੇਕੇਦਾਰ ਦੀ ਜਗ੍ਹਾ ਖੁਦ ਟੈਂਡਰ ਕਰਨ ਦਾ ਸੁਝਾਅ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ਕਿਰਤ ਵਿਭਾਗ ਨਾਲ ਮੀਟਿੰਗ ਕਰਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਸ ਟੈਂਡਰਿੰਗ ਪ੍ਰਕਿਰਿਆ ਵਿੱਚ ਪੱਲੇਦਾਰ ਮਜ਼ਦੂਰਾਂ ਨਾਲ ਸਬੰਧਤ ਵਰਕਰ ਮੈਨੇਜਮੈਂਟ ਕਮੇਟੀਆਂ ਤੋਂ ਇਲਾਵਾ ਹੋਰ ਕੋਈ ਹਿੱਸਾ ਨਾ ਲੈ ਸਕੇ। ਮੀਟਿੰਗ ਵਿੱਚ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਘਣਸ਼ਿਆਮ ਥੋਰੀ ਤੇ ਫੂਡਗਰੇਨ ਐਂਡ ਅਲਾਇਡ ਵਰਕਰਜ਼ ਯੂਨੀਅਨ, ਗੱਲਾ ਮਜ਼ਦੂਰ ਯੂਨੀਅਨ, ਐੱਫਸੀਆਈ ਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜ਼ਾਦ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ (ਏਟਕ), ਫੂਡ ਐਂਡ ਅਲਾਈਡ ਵਰਕਰਜ਼ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।