ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਪੰਜਾਬ ਸਰਕਾਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼, ਫ਼ਰੀਦਕੋਟ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਤਿੰਨ ਮੈਂਬਰੀ ਪੈਨਲ ਭੇਜਣ ਦੀ ਤਿਆਰੀ ਵਿੱਢ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 30 ਸਤੰਬਰ ਨੂੰ ਟਵੀਟ ਕਰਕੇ ਡਾ. ਗੁਰਪ੍ਰੀਤ ਸਿੰਘ ਨੂੰ ਵਾਈਸ ਚਾਂਸਲਰ ਲਾਉਣ ਦਾ ਐਲਾਨ ਕੀਤਾ ਸੀ ਅਤੇ ਰਸਮੀ ਪ੍ਰਵਾਨਗੀ ਲਈ ਫਾਈਲ ਰਾਜਪਾਲ ਕੋਲ ਭੇਜੀ ਗਈ ਸੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਸੀ।
ਸੂਤਰ ਦੱਸਦੇ ਹਨ ਕਿ ਡਾ. ਗੁਰਪ੍ਰੀਤ ਸਿੰਘ ਨੇ ਹੁਣ ਵਾਈਸ ਚਾਂਸਲਰ ਬਣਨ ਤੋਂ ਪੈਰ ਪਿਛਾਂਹ ਖਿੱਚ ਲਏ ਹਨ। ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਡਾ. ਗੁਰਪ੍ਰੀਤ ਸਿੰਘ ਨੂੰ ਰਜ਼ਾਮੰਦ ਕਰਨ ਵਾਸਤੇ ਕੋਸ਼ਿਸ਼ਾਂ ਜਾਰੀ ਹਨ ਅਤੇ ਨਾਲ ਹੀ ਤਿੰਨ ਨਾਵਾਂ ਦਾ ਪੈਨਲ ਲਈ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਨਵੇਂ ਪੈਨਲ ’ਚ ਡਾ. ਗੁਰਪ੍ਰੀਤ ਸਿੰਘ ਦਾ ਨਾਮ ਸ਼ਾਮਿਲ ਹੋਵੇਗਾ ਜਾਂ ਨਹੀਂ, ਇਹ ਬਾਰੇ ਹਾਲੇ ਬੇਯਕੀਨੀ ਬਣੀ ਹੋਈ ਹੈ। ਸੂਤਰ ਦੱਸਦੇ ਹਨ ਕਿ ਡਾ. ਗੁਰਪ੍ਰੀਤ ਸਿੰਘ ਕਿਸੇ ਵਿਵਾਦ ਵਿਚ ਨਹੀਂ ਪੈਣਾ ਚਾਹੁੰਦੇ ਹਨ। ਚਰਚੇ ਹਨ ਕਿ ਡਾ. ਗੁਰਪ੍ਰੀਤ ਸਿੰਘ ਵੱਲੋਂ ਨਾਮ ਵਾਪਸ ਲਏ ਜਾਣ ਦੀ ਖ਼ਬਰ ਨਿਰੀ ਅਫ਼ਵਾਹ ਹੈ ਕਿਉਂਕਿ ਉਨ੍ਹਾਂ ਖ਼ੁਦ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰ ਆਖਦੇ ਹਨ ਕਿ ਵਾਈਸ ਚਾਂਸਲਰ ਦੀ ਦੌੜ ਵਿਚ ਸ਼ਾਮਿਲ ਹੋਰ ਡਾਕਟਰ ਵੀ ਹੁਣ ਮੁੜ ਸਰਗਰਮ ਹੋ ਗਏ ਹਨ। ਪੰਜਾਬ ਸਰਕਾਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਦਰਖਾਸਤਾਂ ਦੀ ਮੰਗ ਕੀਤੀ ਗਈ ਸੀ ਜਿਸ ਮਗਰੋਂ ਕਰੀਬ 30 ਡਾਕਟਰਾਂ ਨੇ ਵਾਈਸ ਚਾਂਸਲਰ ਬਣਨ ਲਈ ਇੱਛਾ ਜ਼ਾਹਿਰ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਾ. ਗੁਰਪ੍ਰੀਤ ਸਿੰਘ ਦੇ ਨਾਮ ਦੀ ਚੋਣ ਕੀਤੀ ਗਈ। ਦੱਸਣਯੋਗ ਹੈ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਡਾ. ਰਾਜ ਬਹਾਦਰ ਦੇ 29 ਜੁਲਾਈ ਨੂੰ ਅਸਤੀਫ਼ਾ ਦੇਣ ਮਗਰੋਂ ਖ਼ਾਲੀ ਹੋ ਗਿਆ ਸੀ। 11 ਅਗਸਤ ਨੂੰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ।