ਪਰਸ਼ੋਤਮ ਬੱਲੀ
ਬਰਨਾਲਾ, 2 ਨਵੰਬਰ
ਸਾਇੰਸ ਤੇ ਟੈਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿੱਚ ਕਰਵਾਏ ਸੂਬਾ ਪੱਧਰੀ ਵਿਗਿਆਨ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ’ਚ ਵਿਗਿਆਨਕ ਰੁਚੀ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਇਸ ਖੇਤਰ ਵਿੱਚ ਆਪਣਾ ਕਰੀਅਰ ਬਣਾ ਕੇ ਭਵਿੱਖ ਰੁਸ਼ਨਾ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਦੌਰੇ ਕਰਵਾਉਣ ਲਈ ਵਿਗਿਆਨ ਯਾਤਰਾ ਸ਼ੁਰੂ ਕੀਤੀ ਗਈ ਤੇ ਹੁਣ ਵਿਗਿਆਨ ਮੇਲੇ ਦੀ ਪਹਿਲਕਦਮੀ ਕਰਦਿਆਂ ਉਨ੍ਹਾਂ ਅੰਦਰ ਵਿਗਿਆਨਕ ਦੁਨੀਆ ਨੂੰ ਸੁਖਾਲੇ ਤਰੀਕੇ ਨਾਲ ਸਮਝਣ ਲਈ ਮਾਹੌਲ ਬਣਾਇਆ ਜਾ ਰਿਹਾ ਹੈ। ਇਹ ਮੇਲਾ 2 ਤੋਂ 4 ਨਵੰਬਰ ਤੱਕ ਜਾਰੀ ਰਹੇਗਾ। ਸ੍ਰੀ ਹੇਅਰ ਨੇ ਕਿਹਾ ਕਿ ਇਸ ਵਿਗਿਆਨ ਮੇਲੇ ਦਾ ਲਾਹਾ ਬਰਨਾਲਾ ਜ਼ਿਲ੍ਹੇ ਦੇ 115 ਸਕੂਲਾਂ ਸਣੇ ਹੋਰਨਾਂ ਜ਼ਿਲ੍ਹਿਆਂ ਦੇ ਵਿਦਿਆਰਥੀ ਵੀ ਲੈਣਗੇ। ਡਾਇਰੈਕਟਰ ਵਿਗਿਆਨ ਪ੍ਰਸਾਰ ਡਾ. ਨਕੁਲ ਪਰਾਸ਼ਰ ਨੇ ਵਿਗਿਆਨ ਦੇ ਖੇਤਰ ਵਿੱਚ ਉਲੀਕੀਆਂ ਗਈਆਂ ਗਤੀਵਿਧੀਆਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇ ਅਜਿਹੇ ਸਾਂਝੇ ਉੱਦਮਾਂ ਨਾਲ ਵਿਦਿਆਰਥੀਆਂ ਨੂੰ ਵੱਡਾ ਲਾਹਾ ਮਿਲੇਗਾ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਅਤੇ ਟੈਕਨਾਲੋਜੀ ਦੇ ਕਾਰਜਕਾਰੀ ਨਿਰਦੇਸ਼ਕ ਡਾ. ਜਤਿੰਦਰ ਕੌਰ ਅਰੋੜਾ ਨੇ ਕਿਹਾ ਕਿ ਮੇਲੇ ਦੌਰਾਨ ਵਿਸ਼ੇਸ਼ ਵਾਹਨ ‘ਲੈਬ ਆਨ ਵੀਲਜ਼’ ਤੇ ‘ਸਰਕਸ ਆਫ਼ ਸਾਇੰਸ’ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ।