ਜਸਵੰਤ ਜੱਸ
ਫਰੀਦਕੋਟ, 30 ਅਗਸਤ
ਸਥਾਨਕ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਉੱਪਰ ਫ਼ਰੀਦਕੋਟ ਦੇ ਵਿਧਾਇਕ ਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਗੰਭੀਰ ਦੋਸ਼ ਲਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਵਾਈਸ ਚਾਂਸਲਰ ਦਾ ਕੰਮ ਆਈਏਐੱਸ ਅਧਿਕਾਰੀ ਡਾ. ਪਰਮਿੰਦਰ ਕੁਮਾਰ ਤਿਵਾੜੀ ਨੂੰ ਸੌਂਪ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਰਜਿਸਟਰਾਰ ਦਾ ਤਬਾਦਲਾ ਕਰਕੇ ਉਨ੍ਹਾਂ ਦੀ ਥਾਂ ’ਤੇ ਆਈਏਐੱਸ ਅਧਿਕਾਰੀ ਰੂਹੀ ਦੁੱਗ ਨੂੰ ਤਾਇਨਾਤ ਕਰ ਦਿੱਤਾ ਸੀ। ਵਾਈਸ ਚਾਂਸਲਰ ਡਾ. ਰਾਜ ਬਹਾਦਰ ਬਿਮਾਰ ਚੱਲ ਰਹੇ ਹਨ ਅਤੇ ਉਨ੍ਹਾਂ ਦੇ ਛੁੱਟੀ ਸਮੇਂ ਦੌਰਾਨ ਪੰਜਾਬ ਸਰਕਾਰ ਨੇ ਇੱਥੇ ਅਧਿਕਾਰੀ ਨੂੰ ਤਾਇਨਾਤ ਕਰ ਦਿੱਤਾ ਹੈ। ਪਿਛਲੇ 25 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਦੇ ਦੋ ਉੱਚ ਅਹੁਦਿਆਂ ’ਤੇ ਆਈਏਐੱਸ ਅਧਿਕਾਰੀ ਤਾਇਨਾਤ ਕੀਤੇ ਹਨ। ਪਿਛਲੇ ਹਫ਼ਤੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੋਸ਼ ਲਾਇਆ ਸੀ ਕਿ ਬਾਬਾ ਫਰੀਦ ‘ਵਰਸਿਟੀ ਵੱਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਮੈਡੀਕਲ ਕਾਲਜ ਵਿੱਚ ਸਥਾਪਤ ਕੀਤੇ ਗਏ ਕਰੋਨਾ ਵਾਰਡਾਂ ਵਿੱਚ ਮਰੀਜ਼ਾਂ ਦੀ ਵੱਡੇ ਪੱਧਰ ’ਤੇ ਬੇਕਦਰੀ ਹੋ ਰਹੀ ਹੈ। ਇਸ ਤੋਂ ਇਲਾਵਾ ਬਾਬਾ ਫਰੀਦ ਯੂਨੀਵਰਸਿਟੀ ਅਤੇ ਹਸਪਤਾਲ ਖ਼ਿਲਾਫ਼ ਇੱਕ ਦਰਜਨ ਦੇ ਸ਼ਿਕਾਇਤਾਂ ਮੁੱਖ ਮੰਤਰੀ ਪੰਜਾਬ ਨੂੰ ਪੁੱਜੀਆਂ ਸਨ। ਬਾਬਾ ਫਰੀਦ ਯੂਨੀਵਰਸਿਟੀ ਪਿਛਲੇ ਚਾਰਾਂ ਸਾਲਾਂ ਦੌਰਾਨ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਸੁਧਾਰ ਨਹੀਂ ਕਰ ਸਕੀ ਜਿਸ ਕਰਕੇ ਇਹ ਹਸਪਤਾਲ ਲੋਕਾਂ ਦੇ ਇਲਾਜ ਦੀ ਥਾਂ ਉਨ੍ਹਾਂ ਲਈ ਸਮੱਸਿਆ ਬਣਿਆ ਹੋਇਆ ਸੀ। ਕਰੋਨਾ ਵਾਰਡ ਵਿੱਚ ਮਰੀਜ਼ਾਂ ਦੀ ਹੋਈ ਮੌਤ ਤੋਂ ਬਾਅਦ ਵਾਰਸਾਂ ਨੇ ਹਸਪਤਾਲ ਦੇ ਅਧਿਕਾਰੀਆਂ ਉੱਪਰ ਵੱਡੇ ਦੋਸ਼ ਲਾਏ ਸਨ। ਮੁੱਖ ਮੰਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਾਮਲੇ ਦੀ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਪਰਮਦੀਪ ਸਿੰਘ ਖਹਿਰਾ ਇਸ ਮਾਮਲੇ ਦੀ ਪੜਤਾਲ ਕਰ ਰਹੇ ਹਨ।
ਸਰਕਾਰ ਪ੍ਰਬੰਧਾਂ ’ਚ ਸੁਧਾਰ ਲਈ ਵਚਨਬੱਧ: ਢਿੱਲੋਂ
ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਤੇ ਮੈਡੀਕਲ ਕਾਲਜ ਦੇ ਪ੍ਰਬੰਧਾਂ ਨੂੰ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁਝ ਡਾਕਟਰਾਂ ਅਤੇ ਅਧਿਕਾਰੀਆਂ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਪੰਜਾਬ ਸਰਕਾਰ ਦੇ ਅਕਸ ਨੂੰ ਢਾਹ ਲੱਗੀ ਹੈ।