ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 2 ਨਵੰਬਰ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਕਲੀ ਬੀਜ, ਦਵਾਈਆਂ ਅਤੇ ਖਾਦਾਂ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਸਖਤ ਕਾਨੂੰਨ ਬਣਾਇਆ ਜਾਵੇਗਾ ਤੇ ਪੰਜਾਬ ਦੇ ਬੀਜ ਐਕਟ ਵਿੱਚ ਸੋਧ ਕੀਤੀ ਜਾਵੇਗੀ। ਉਹ ਅੱਜ ਦੇਰ ਸ਼ਾਮ ਸਥਾਨਕ ਫੁਆਰਾ ਚੌਕ ’ਤੇ ਸੂਰਜਮੁਖੀ ਦਾ ਗੈਰਮਿਆਰੀ ਬੀਜ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਲਈ 4 ਮਹੀਨਿਆਂ ਤੋਂ ਧਰਨੇ ’ਤੇ ਡਟੇ ਕਿਸਾਨਾਂ ਨਾਲ ਗੱਲਬਾਤ ਕਰਨ ਪੁੱਜੇ ਸਨ। ਖੇਤੀ ਮੰਤਰੀ ਧਾਲੀਵਾਲ ਨੇ ਦੇਰ ਸ਼ਾਮ ਕਿਸਾਨ ਆਗੂਆਂ ਡਾ. ਦਰਸ਼ਨਪਾਲ, ਗੁਰਦਿੱਤ ਸਿੰਘ ਦਿੱਤੂਪੁਰ ਅਤੇ ਹਰਜਿੰਦਰ ਸਿੰਘ ਸਣੇ ਹੋਰਨਾਂ ਨਾਲ ਮੀਟਿੰਗ ਕਰ ਕੇ ਕਿਸਾਨਾਂ ਦਾ ਧਰਨਾ ਸਮਾਪਤ ਕਰਵਾਇਆ। ਇਸ ਦੌਰਾਨ ਖੇਤੀ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਖੇਤੀ ਅਤੇ ਕਿਸਾਨਾਂ ਦੀ ਭਲਾਈ ਲਈ ਲਗਨ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀਜ ਐਕਟ ਬਹੁਤ ਕਮਜ਼ੋਰ ਹੈ, ਜਿਸ ਵਿੱਚ ਸਰਕਾਰ ਵੱਲੋਂ ਛੇਤੀ ਹੀ ਸੋਧ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਕਲੀ ਬੀਜ ਤੇ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਸਖਤ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਥੇ ਧਰਨਾ ਦੇ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਨਕਲੀ ਬੀਜ ਕਾਰਨ ਹੋਏ ਨੁਕਸਾਨ ਦਾ ਹੱਲ ਕਰ ਦਿੱਤਾ ਹੈ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਤੀ ਮੰਤਰੀ ਦੇ ਭਰੋਸੇ ਮਗਰੋਂ ਰਾਜਪੁਰਾ ਦਾ ਧਰਨਾ ਸਮਾਪਤ ਕਰ ਦਿੱਤਾ ਹੈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਣੇ ਹੋਰ ਅਧਿਕਾਰੀ ਵੀ ਹਾਜ਼ਰ ਸਨ।