ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਐੱਮਐੱਸਪੀ ਤੋਂ ਘੱਟ ਭਾਅ ’ਤੇ ਮੂੰਗੀ ਵਿਕਣ ਕਰਕੇ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੂੰਗੀ ਬਦਲੇ ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੱਕ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਵਿੱਤ ਵਿਭਾਗ ਨੂੰ ਹੁਕਮ ਦਿੱਤੇ ਕਿ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਇਸ ਰਾਹਤ ’ਚ ਕਿਸੇ ਕਿਸਮ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਮੂੰਗੀ ਦੇ ਸਾਰੇ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਫਸਲ ਪਹਿਲਾਂ ਹੀ ਵੇਚ ਦਿੱਤੀ ਹੈ।