ਗਗਨਦੀਪ ਅਰੋੜਾ
ਲੁਧਿਆਣਾ, 24 ਅਕਤੂਬਰ
ਸਰਬੱਤ ਸਿਹਤ ਬੀਮਾ ਯੋਜਨਾ (ਐੱਸਐੱਸਬੀਵਾਈ) ਅਧੀਨ ਸੂਚੀਬੱਧ ਨਿੱਜੀ ਹਸਪਤਾਲ ਹੁਣ ਸਰਕਾਰ ਵੱਲੋਂ ਚਲਾਈ ਗਈ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਇਲਾਜ ਤੋਂ ਇਨਕਾਰ ਨਹੀਂ ਕਰਨਗੇ। ਇਸ ਸਬੰਧੀ ਅੱਜ ਇਥੋਂ ਦੇ ਸਰਕਟ ਹਾਊਸ ਵਿੱਚ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਐੱਸਬੀਆਈ ਬੀਮਾ ਕੰਪਨੀ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਕਤ ਯੋਜਨਾ ਸਬੰਧੀ ਸਾਰੇ ਮਸਲਿਆਂ ਦਾ ਨਬਿੇੜਾ ਕੀਤਾ ਗਿਆ। ਜਾਣਕਾਰੀ ਮੁਤਾਬਕ ਸੂਚੀਬੱਧ ਨਿੱਜੀ ਹਸਪਤਾਲਾਂ ਵੱਲੋਂ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਇਲਾਜ ਤੋਂ ਮਨ੍ਹਾਂ ਕਰਨ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਇਹ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਸੋਨੀ ਨੇ ਦੱਸਿਆ ਕਿ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾ ਕੇ 15 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾਵੇਗਾ, ਜਿਸ ਦਾ ਰਸਮੀ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਰਨਗੇ। ਉਪ ਮੁੱਖ ਮੰਤਰੀ ਨੇ ਕਿਹਾ ਕਿ ਬਕਾਇਆ ਅਦਾਇਗੀਆਂ ਅਤੇ ਹੋਰ ਬੇਨਿਯਮੀਆਂ ਦੇ ਸਾਰੇ ਮੁੱਦੇ ਹੱਲ ਕਰ ਦਿੱਤੇ ਹਨ। ਬੀਮਾ ਕੰਪਨੀ ਅਗਲੇ ਦੋ ਦਿਨਾਂ ਵਿੱਚ ਹਸਪਤਾਲਾਂ ਨੂੰ 30 ਕਰੋੜ ਰੁਪਏ ਦੀ ਅਦਾਇਗੀ ਕਰਨ ਤੋਂ ਇਲਾਵਾ ਬਾਕੀ ਰਹਿੰਦੀਆਂ ਅਦਾਇਗੀਆਂ ਵੀ ਛੇਤੀ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ, ਬੀਮਾ ਕੰਪਨੀ ਤੇ ਆਈਐੱਮਏ ਪੰਜਾਬ ਦੇ ਨੁਮਾਇੰਦਿਆਂ ਦੀ ਇੱਕ ਸ਼ਿਕਾਇਤ ਕਮੇਟੀ ਵੀ ਬਣਾਈ ਜਾਵੇਗੀ।