ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਸਤੰਬਰ
ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਮਹਾ ਰੈਲੀ ਕੀਤੀ ਗਈ।ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਰੈਲੀ ਅਤੇ ਮੁਜ਼ਾਹਰਾ ਕਰਨ ਤੋਂ ਬਾਅਦ ਸੰਗਰੂਰ-ਬਰਨਾਲਾ ਕੌਮੀ ਮਾਰਗ ਜਾਮ ਕਰ ਦਿੱਤਾ ਹੈ।ਉਹ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਰੈਲੀ ’ਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਮੁਲਾਜ਼ਮ ਅਤੇ ਪੈਨਸ਼ਨਰਜ਼ ਪਹੁੰਚੇ ਹਨ। ਨੇਤਾਵਾਂ ਨੇ ਕਿਹਾ ਕਿ ਦੂਜੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗੱਲਬਾਤ ਨਹੀਂ ਸੁਣ ਰਹੀ। ਆਮ ਆਦਮੀ ਪਾਰਟੀ ਨੇ ਚੋਣਾਂ ਵੇਲੇ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਸਗੋਂ ਸਰਕਾਰ ਕਾਰਪੋਰੇਟ ਘਰਾਣਿਆਂ ਪੱਖੀ ਫ਼ੈਸਲੇ ਕਰ ਰਹੀ ਹੈ। ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਤੇ ਮਾਣ ਭੱਤਾ ਅਤੇ ਹੋਰ ਕਈ ਭੱਤਿਆਂ ਸਮੇਤ ਪੂਰੀਆਂ ਤਨਖ਼ਾਹਾਂ ਦਿੱਤੀ ਜਾਵੇ।