ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਅਪਰੈਲ
ਭਾਰਤ ਦੇ ਚੀਫ ਜਸਟਿਸ ਐੱਨਵੀ ਰਾਮੰਨਾ ਨੇ ਅੱਜ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਪੁੱਜਣ ’ਤੇ ਜਸਟਿਸ ਐੱਨਵੀ ਰਾਮੰਨਾ ਦਾ ਸਵਾਗਤ ਕੀਤਾ। ਸ੍ਰੀ ਰਾਮੰਨਾ ਨੇ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਉਨ੍ਹਾਂ ਦੀ ਚਿਰੋਕਣੀ ਇੱਛਾ ਪੂਰੀ ਹੋਈ ਹੈ ਤੇ ਉਹ ਰੂਹਾਨੀ ਸ਼ਾਂਤੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਹੈ। ਇਸ ਮੌਕੇ ਉਨ੍ਹਾਂ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿੱਚ ਚੀਫ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਸੂਬਾ ਸਰਕਾਰ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕੀਤਾ ਗਿਆ।