ਕੁਲਦੀਪ ਸਿੰਘ
ਚੰਡੀਗੜ੍ਹ, 18 ਸਤੰਬਰ
ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ‘ਆਪ’ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀ ਤਨਖਾਹ ਵਿੱਚ ਵਾਧੇ ਦਾ ਸਵਾਗਤ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਅੱਜ ਇਥੇ ਜਥੇਬੰਦੀ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੂੰ ਇਸ ਫੈ਼ਸਲੇ ਨਾਲ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੇ ਮੁਢਲੇ ਸਮੇਂ ਵਿੱਚ ਹੀ ਉਨ੍ਹਾਂ ਦੀਆਂ ਤਨਖਾਹ ਵਿੱਚ ਵਾਧਾ ਕਰ ਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਸੋਸੀਏਸ਼ਨ ਵੱਲੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ 885 ਗੈਸਟ ਪ੍ਰੋਫ਼ੈਸਰਾਂ ਨੂੰ ਸਰਕਾਰੀ ਖ਼ਜ਼ਾਨੇ ’ਚੋਂ ਪਾਰਟ ਟਾਈਮ ਸਹਾਇਕ ਪ੍ਰੋਫ਼ੈਸਰਾਂ ਦੇ ਬਰਾਬਰ ਤਨਖ਼ਾਹ ਤੇ ਦਰਜਾ ਦੇਣ ਦੀ ਵੀ ਮੰਗ ਕੀਤੀ ਹੈ। ਸ੍ਰੀ ਮਾਨਸਾ ਨੇ ਕਿਹਾ ਕਿ ਪੀਟੀਏ ਫੰਡ ਵਿੱਚੋਂ ਪ੍ਰੋਫ਼ੈਸਰਾਂ ਦੀ ਤਨਖ਼ਾਹ ਲਈ ਦਿੱਤੇ ਜਾਂਦੇ 11,600 ਰੁਪਏ ਅਸਲ ਵਿੱਚ ਵਿਦਿਆਰਥੀਆਂ ’ਤੇ ਵਾਧੂ ਬੋਝ ਹੈ। ਉਨ੍ਹਾਂ ਕਿਹਾ ਕਿ ਗੈਸਟ ਫੈਕਲਟੀ ਲਈ ਸਰਕਾਰੀ ਖ਼ਜ਼ਾਨੇ ’ਚੋਂ ਇੱਕ ਸਮਾਨ ਤਨਖਾਹ ਦੀ ਲੜਾਈ ਐਸੋਸੀਏਸ਼ਨ ਵੱਲੋਂ ਜਾਰੀ ਰੱਖੀ ਜਾਵੇਗੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਹੈ ਕਿ ਗੈਸਟ ਪ੍ਰੋਫ਼ੈਸਰਾਂ ਨੂੰ ਸਾਰੀ ਤਨਖਾਹ ਖ਼ਜ਼ਾਨੇ ਵਿੱਚੋਂ ਤੇ ਪਾਰਟ ਟਾਈਮ ਸਹਾਇਕ ਪ੍ਰੋਫੈਸਰਾਂ ਦੇ ਬਰਾਬਰ ਦਿੱਤੀ ਜਾਵੇ।