ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 14 ਅਗਸਤ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਰੋਨਾ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਕਰੋਨਾ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਅਤੇ ਮੌਤ ਦਰ ’ਚ ਵਾਧੇ ਸਬੰਧੀ ਸਿਹਤ ਮੰਤਰੀ ਨੇ ਲੋਕਾਂ ਦੀ ਕਥਿਤ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਨਹਿੱਤ ਵਿੱਚ ਕੋਈ ਵੀ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ ਹੈ। ਮੌਤਾਂ ਬਾਰੇ ਮੰਤਰੀ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬਜ਼ੁਰਗ ਹਨ, ਜੋ ਪਹਿਲਾਂ ਹੀ ਸ਼ੂਗਰ ਅਤੇ ਹੋਰ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਪੀੜਤ ਸਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਹਸਪਤਾਲਾਂ ਨੂੰ 77 ਨਵੀਆਂ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸ੍ਰੀ ਸਿੱਧੂ ਨੇ ਅੱਜ ਮੁਹਾਲੀ ਤੋਂ 15 ਬੇਸਿਕ ਲਾਈਫ਼ ਸਪੋਰਟ (ਬੀਐਲਐਸ) ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਬਾਅਦ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖਰੀਦਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 77 ਐਂਬੂਲੈਂਸਾਂ ਦਾ ਆਰਡਰ ਦਿੱਤਾ ਗਿਆ ਹੈ। ਜਿਨ੍ਹਾਂ ’ਚੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਪਹਿਲਾਂ ਹੀ 17 ਐਡਵਾਂਸ ਲਾਈਫ਼ ਸਪੋਰਟ (ਏਐੱਲਐੱਸ) ਐਂਬੂਲੈਂਸਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਸਾਰੀਆਂ ਐਂਬੂਲੈਂਸਾਂ ਸੁਰੱਖਿਆ ਉਪਕਰਣਾਂ ਜਿਵੇਂ ਵੈਂਟੀਲੇਟਰਸ, ਡਿਫਾਈਬ੍ਰਿਲੇਟਰਸ, ਮਲਟੀ-ਪੈਰਾ ਪੇਸ਼ੈਂਟ ਮੋਨੀਟਰ, ਸੱਕਸ਼ਨ ਮਸ਼ੀਨ, ਨੇਬੁਲਾਈਜ਼ਰਜ਼ ਨਾਲ ਪੂਰੀ ਤਰ੍ਹਾਂ ਲੈਸ ਹਨ। ਬਾਕੀ ਰਹਿੰਦੀ ਐਂਬੂਲੈਂਸਾਂ ਵੀ 30 ਅਗਸਤ ਤੱਕ ਹਸਪਤਾਲਾਂ ਵਿੱਚ ਪਹੁੰਚ ਜਾਣਗੀਆਂ। ਸ੍ਰੀ ਸਿੱਧੂ ਨੇ ਕਿਹਾ ਕਿ ਇਸ ਸਮੇਂ ਜਦੋਂ ਪੰਜਾਬ ਵਿੱਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਐੱਮਡੀ ਤਨੂੰ ਕਸ਼ਯਪ, ਡਾਇਰੈਕਟਰ ਡਾ. ਬਲਵੰਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।