ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ
ਆਪਣੀਆਂ ਮੰਗਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਆਜ਼ਾਦੀ ਘੁਲਾਟੀਆਂ ਦੇ ਵਾਰਸ ਅੱਜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੁਨਾਮ ਆਈਟੀਆਈ ਨੇੜਲੀ ਪਾਣੀ ਦੀ ਟੈਂਕੀ ਦੇ ਉੱਤੇ ਜਾ ਚੜ੍ਹੇ। ਇਸ ਤੋਂ ਪਹਿਲਾਂ ਨਾਅਰੇਬਾਜ਼ੀ ਕਰਦਿਆਂ ਜਥੇਬੰਦੀ ਦੇ ਮੈਂਬਰਾਂ ਵੱਲੋਂ ਬਠਿੰਡਾ-ਪਟਿਆਲਾ ਮੁੱਖ ਮਾਰਗ ਦੇ ਉੱਤੇ ਆਵਾਜਾਈ ਠੱਪ ਕਰ ਦਿੱਤੀ ਗਈ। ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪਿਛਲੇ ਸਾਲ ਵੀ ਸ਼ਹੀਦ ਊਧਮ ਸਿੰਘ ਦੇ ਦਿਹਾੜੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਸਨ। ਉਨ੍ਹਾਂ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਦੇ ਵਾਰਿਸ ਸਮਾਜ ਵਿੱਚ ਆਪਣਾ ਮਾਣ-ਸਨਮਾਨ ਅਤੇ ਰੁਤਬਾ ਲੈਣ ਲਈ ਸੰਘਰਸ਼ ਕਰਦੇ ਆ ਰਹੇ ਹਨ। ਅੱਜ ਉਨ੍ਹਾਂ ਨੂੰ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲਾ ਕਦਮ ਚੁੱਕਣਾ ਪਿਆ। ਜੇ ਹਾਲੇ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਂਦੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।