ਪੱਤਰ ਪ੍ਰੇਰਕ
ਅੰਮ੍ਰਿਤਸਰ, 22 ਨਵੰਬਰ
ਕਿਸਾਨੀ ਸੰਘਰਸ਼ ’ਚ ਜਾਨਾਂ ਗਵਾਉਣ ਵਾਲੇ ਜ਼ਿਲ੍ਹੇ ਦੇ ਦੋ ਕਿਸਾਨਾਂ ਦੇ ਵਾਰਿਸਾਂ ਨੂੰ ਅੱਜ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਗਈਆਂ ਹਨ। ਦੋ ਹੋਰ ਕਿਸਾਨਾਂ ਨੂੰ ਨਿਯੁਕਤੀ ਪੱਤਰ ਜਲਦੀ ਹੀ ਦੇ ਦਿੱਤੇ ਜਾਣਗੇ। ਇਨ੍ਹਾਂ ਦੇ ਕੇਸ ਅੰਤਿਮ ਪੜਾਅ ’ਤੇ ਹਨ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਬੱਗਾ ਕਲਾਂ ਦੇ ਬਲਬੀਰ ਸਿੰਘ ਅਤੇ ਪਿੰਡ ਠੱਠਾ ਦੇ ਜੋਗਿੰਦਰ ਸਿੰਘ ਦੇ ਵਾਰਿਸਾਂ ਨੂੰ ਯੋਗਤਾ ਮੁਤਾਬਕ ਨੌਕਰੀਆਂ ਦੇ ਦਿੱਤੀਆਂ ਗਈਆਂ ਹਨ। ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਬਾਕੀ ਪਰਿਵਾਰਾਂ ਨੂੰ ਵੀ ਜਲਦੀ ਹੀ ਨੌਕਰੀਆਂ ਅਤੇ ਮੁਆਵਜ਼ਾ ਦੇ ਦਿੱਤਾ ਜਾਵੇਗਾ। ਇਸ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ।