ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਸਤੰਬਰ
ਪੰਚਾਇਤ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਰਾਜ ਭਰ ਦੇ ਪੰਚਾਂ-ਸਰਪੰਚਾਂ ਨੇ 27 ਸਤੰਬਰ ਨੂੰ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰ ਕੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਤੇ ਮਾਲਵਾ ਜ਼ੋਨ ਦੇ ਪ੍ਰਧਾਨ ਜਸਵੀਰ ਜੱਸੀ ਲੌਂਗੋਵਾਲੀਆ ਨੇ ਕਿਹਾ ਕਿ ਪੰਚਾਂ ਤੇ ਸਰਪੰਚਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਤੋਂ ਕਈ ਵਾਰ ਮਿਲਣ ਦਾ ਸਮਾਂ ਮੰਗਿਆ ਗਿਆ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਾਂਹ-ਪੱਖੀ ਵਤੀਰੇ ਕਾਰਨ ਯੂਨੀਅਨ ਨੂੰ ਘਿਰਾਓ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਪੰਚਾਇਤਾਂ ਦੀਆਂ ਪ੍ਰਮੁੱਖ ਮੰਗਾਂ ’ਚ ਸਾਢੇ ਤਿੰਨ ਸਾਲਾਂ ਦਾ ਮਾਣ ਭੱਤਾ ਜਾਰੀ ਕਰਾਉਣਾ ਤੇ ਬਲਾਕ ਪੱਧਰ ਦੇ ਐੱਸਡੀਓ ਦੀਆਂ ਅਸਾਮੀਆਂ ਪੂਰੀਆਂ ਕਰਾਉਣ ਆਦਿ ਸ਼ਾਮਲ ਹਨ।