ਜ਼ਖ਼ਮੀ ਪਾਵਨ ਸਰੂਪ ਸੰਗਤ ਦਰਸ਼ਨ ਲਈ ਸੁਸ਼ੋਭਿਤ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਜੂਨ
ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਫੌਜ ਦੀ ਗੋਲੀ ਨਾਲ ਜ਼ਖ਼ਮੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਅੱਜ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸੰਗਤ ਦਰਸ਼ਨ ਲਈ ਸੁਸ਼ੋਭਿਤ ਕੀਤਾ ਗਿਆ। ਇਸੇ ਤਰਾਂ ਸਬੰਧਤ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲਗਾਈ ਹੈ। ਇਹ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਤੱਕ ਇੱਥੇ ਸੰਗਤ ਦਰਸ਼ਨ ਕਰ ਸਕੇਗੀ।
ਇਸ ਸਬੰਧ ਵਿੱਚ ਅੱਜ ਇੱਥੇ ਗੁਰਮਤਿ ਪਰੰਪਰਾ ਮੁਤਾਬਕ ਕੀਰਤਨ ਤੇ ਅਰਦਾਸ ਕੀਤੀ ਗਈ ਅਤੇ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਗਿਆ। ਪਾਵਨ ਸਰੂਪ ਗੁਰਦੁਆਰੇ ਵਿੱਚ ਸੁਸ਼ੋਭਿਤ ਕਰਨ ਲਈ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੇਵਾ ਨਿਭਾਈ। ਜੂਨ 1984 ਵਿੱਚ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਇਹ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ ਅਤੇ ਗੋਲੀ ਲੱਗਣ ਨਾਲ ਇਸ ਦੇ ਕਈ ਅੰਗ ਜ਼ਖ਼ਮੀ ਹੋ ਗਏ ਸਨ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਦੌਰਾਨ ਇਸ ਜ਼ਖ਼ਮੀ ਸਰੂਪ ਦੀ ਸੇਵਾ ਸੰਭਾਲ ਕਰਵਾਈ ਗਈ ਸੀ। ਇਸ ਵਿੱਚ ਲੱਗੀ ਗੋਲੀ ਅਤੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਅੰਗਾਂ ਦੇ ਹਿੱਸੇ ਤੇ ਹੋਰ ਸਾਮਾਨ ਨੂੰ ਵੀ ਸੰਭਾਲਿਆ ਗਿਆ ਹੈ। ਅੱਜ ਇਸ ਜ਼ਖ਼ਮੀ ਸਰੂਪ ਦੇ ਦਰਸ਼ਨ ਕਰਵਾਉਣ ਸਮੇਂ ਲੱਗੀ ਗੋਲੀ ਅਤੇ ਹੋਰ ਸਾਮਾਨ ਦੇ ਵੀ ਦਰਸ਼ਨ ਕਰਵਾਏ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਣੇ ਹੋਰ ਗੁਰਦੁਆਰਿਆਂ ’ਤੇ ਫ਼ੌਜੀ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਘੱਲੂਘਾਰੇ ਨਾਲ ਸਬੰਧਤ ਤਸਵੀਰਾਂ ਦੀ ਪ੍ਰਦਰਸ਼ਨੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲਗਾਈ ਗਈ ਹੈ। ਪ੍ਰਦਰਸ਼ਨੀ ਵਿਚ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਅਕਾਲ ਤਖ਼ਤ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ 6 ਜੂਨ ਨੂੰ ਅਕਾਲ ਤਖ਼ਤ ਵਿਖੇ ਮਨਾਈ ਜਾ ਰਹੀ ਹੈ। ਇਸ ਦੌਰਾਨ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਪਾਵਨ ਸਰੂਪ ਦੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਲੈ ਕੇ ਸ਼ਾਮ 7 ਵਜੇ ਤੱਕ ਦਰਸ਼ਨ ਕਰਵਾਏ ਜਾਣਗੇ।