ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੇਤ ਦੇ ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਸੂਬੇ ਵੱਲੋਂ ਤੈਅ ਕੀਤੇ ਰੇਟਾਂ ’ਤੇ ਲੋਕਾਂ ਨੂੰ ਰੇਤ ਦੀ ਨਿਰਵਿਘਨ ਤੇ ਸੁਚੱਜੀ ਸਪਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਾਲ ਕੀਤੇ ਸਮਝੌਤੇ ਅਨੁਸਾਰ ਨਿਰਧਾਰਤ ਮਾਈਨਿੰਗ ਸ਼ਰਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਠੇਕੇਦਾਰਾਂ ਨੇ ਸਥਾਨਕ ਆਗੂਆਂ ਅਤੇ ਮਾਮੂਲੀ ਸਿਆਸਤਦਾਨਾਂ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਲੋਕਾਂ ਤੋਂ ਇਲਾਵਾ ਪੁਲੀਸ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਮੁੱਦਾ ਉਠਾਇਆ, ਜਿਸ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੇ ਕਿਸੇ ਵੀ ਮੰਤਰੀ, ਵਿਧਾਇਕ ਜਾਂ ਪਾਰਟੀ ਵਾਲੰਟੀਅਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜੀ ਜਾਂ ਕੋਈ ਸਿਆਸੀ ਦਬਾਅ ਨਾ ਪਾਏ ਜਾਣ ਦਾ ਭਰੋਸਾ ਦਿੱਤਾ।