ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਜੁਲਾਈ
ਇੱਥੇ 267 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਦੌਰਾਨ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਇਕ ਮਹੀਨੇ ਵਿਚ ਜਾਂਚ ਰਿਪੋਰਟ ਆ ਜਾਵੇਗੀ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰਨ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿੱਚ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਲਈ ਆਖਿਆ ਹੈ। ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਾਂਚ ਟੀਮ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦਾ ਦੌਰਾ ਕੀਤਾ ਅਤੇ ਸੀਲ ਕੀਤੇ 5 ਸਾਲ ਦੇ ਰਿਕਾਰਡ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਜਾਂਚ ਟੀਮ ਵਿੱਚ ਤਿਲੰਗਾਨਾ ਹਾਈ ਕੋਰਟ ਦੇ ਵਕੀਲ ਈਸ਼ਰ ਸਿੰਘ, ਜਸਟਿਸ ਨਵਿਤਾ ਸਿੰਘ ਦੀ ਸਹਾਇਕ ਅਤੇ ਹੋਰ ਸ਼ਾਮਲ ਸਨ।
ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਜਥੇਦਾਰ ਨੇ ਆਖਿਆ ਕਿ ਸਿੱਖਾਂ ਦੀਆਂ ਭਾਵਨਾਵਾਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਇਸ ਮਾਮਲੇ ਦੀ ਨਿਰਪੱਖ ਜਾਂਚ ਹਾਈ ਕੋਰਟ ਦੀ ਸੇਵਾਮੁਕਤ ਜਸਟਿਸ ਨਵਿਤਾ ਸਿੰਘ ਨੂੰ ਸੌਂਪੀ ਗਈ ਹੈ। ਉਹ ਇੱਕ ਮਹੀਨੇ ਵਿੱਚ ਆਪਣੀ ਜਾਂਚ ਰਿਪੋਰਟ ਅਕਾਲ ਤਖ਼ਤ ਨੂੰ ਸੌਂਪਣਗੇ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਜਿਹੜਾ ਵੀ ਕਸੂਰਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਅਤੇ ਕਿਸੇ ਵੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਕਿਸੇ ਨੂੰ ਬੇਲੋੜੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਅਤੇ ਸਿਆਸੀ ਲਾਹਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਕੋਈ ਸਿਆਸੀ ਨਹੀਂ ਸਗੋਂ ਧਾਰਮਿਕ ਮਾਮਲਾ ਹੈ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਸ੍ਰੀ ਅਕਾਲ ਤਖ਼ਤ ਵੱਲੋਂ ਕਰਵਾਈ ਜਾ ਰਹੀ ਹੈ।
ਇਸ ਦੌਰਾਨ ਜਾਂਚ ਟੀਮ ਦੇ ਮੈਂਬਰਾਂ ਨੇ ਪਬਲੀਕੇਸ਼ਨ ਵਿਭਾਗ ਦਾ ਦੌਰਾ ਕੀਤਾ ਅਤੇ ਸੀਲ ਕੀਤਾ ਹੋਇਆ ਰਿਕਾਰਡ ਆਪਣੇ ਨਾਲ ਲਿਆਂਦਾ ਹੈ, ਜਿਸ ਨੂੰ ਹੁਣ ਘੋਖਿਆ ਜਾਵੇਗਾ। ਇਸ ਮਾਮਲੇ ਵਿੱਚ ਪਬਲੀਕੇਸ਼ਨ ਵਿਭਾਗ ਦੇ ਸੇਵਾਮੁਕਤ ਸਹਾਇਕ ਸੁਪਰਵਾਈਜ਼ਰ ਕੰਵਲਜੀਤ ਸਿੰਘ ਨੂੰ ਵੀ ਤਲਬ ਕੀਤਾ ਹੋਇਆ ਹੈ। ਉਸ ਦੀ ਸੇਵਾਮੁਕਤੀ ਸਮੇਂ ਹੀ ਇਹ ਮਾਮਲਾ ਉਭਰ ਕੇ ਸਾਹਮਣੇ ਆਇਆ ਸੀ। ਉਨ੍ਹਾਂ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਕਰਕੇ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ।