ਜਸਵੰਤ ਜੱਸ
ਫ਼ਰੀਦਕੋਟ, 21 ਨਵੰਬਰ
ਬਾਬਾ ਫਰੀਦ ਨਰਸਿੰਗ ਕਾਲਜ ਵਿੱਚ ਕਸ਼ਮੀਰੀ ਵਿਦਿਆਰਥੀਆਂ ਦਾ ਵਿਵਾਦ ਦੇਰ ਰਾਤ ਸੁਲਝ ਗਿਆ ਹੈ। ਕਸ਼ਮੀਰੀ ਵਿਦਿਆਰਥੀਆਂ ਨੇ ਕਾਲਜ ਪ੍ਰਬੰਧਕਾਂ ਉੱਪਰ ਨਾਜਾਇਜ਼ ਫੀਸਾਂ ਅਤੇ ਜੁਰਮਾਨੇ ਮੰਗਣ ਦਾ ਦੋਸ਼ ਲਾਇਆ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਰੋਲ ਨੰਬਰ ਜਾਰੀ ਨਹੀਂ ਕੀਤੇ ਜਾ ਰਹੇ। ਕਸ਼ਮੀਰੀ ਵਿਦਿਆਰਥੀਆਂ ਦੇ ਧਰਨੇ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਦਖ਼ਲ ਦੇ ਕੇ ਕਾਲਜ ਪ੍ਰਬੰਧਕਾਂ ਨੂੰ ਇਹ ਮਾਮਲਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ।
ਵਿਦਿਆਰਥੀਆਂ ਦੇ ਵਫ਼ਦ ਨਾਲ ਗੱਲਬਾਤ ਕਰਨ ਮਗਰੋਂ ਕਾਲਜ ਪ੍ਰਬੰਧਕਾਂ ਨੇ ਐਲਾਨ ਕੀਤਾ ਹੈ ਕਿ ਕਿਸੇ ਵੀ ਵਿਦਿਆਰਥੀ ਤੋਂ ਜੁਰਮਾਨਾ ਨਹੀਂ ਵਸੂਲਿਆ ਜਾਵੇਗਾ ਅਤੇ ਪੇਪਰਾਂ ਤੋਂ ਪਹਿਲਾਂ ਸਾਰੇ ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਕਰ ਦਿੱਤੇ ਜਾਣਗੇ। ਕਾਲਜ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਸ਼ਮੀਰੀ ਵਿਦਿਆਰਥੀਆਂ ਨਾਲ ਕਥਿਤ ਤੌਰ ’ਤੇ ਦੁਰਵਿਹਾਰ ਕਰਨ ਵਾਲੀ ਪ੍ਰਿੰਸੀਪਲ ਨੂੰ ਵੀ ਹਟਾ ਦਿੱਤਾ ਗਿਆ ਹੈ ਅਤੇ ਹੁਣ ਸਮੁੱਚਾ ਵਿਵਾਦ ਸੁਲਝ ਗਿਆ ਹੈ। ਇਸੇ ਦੌਰਾਨ ਲੁਧਿਆਣਾ ਦੇ ਸ਼ਾਹੀ ਇਮਾਮ ਨੇ ਵੀ ਅੱਜ ਇੱਥੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੇਸ਼ਵ ਕੁਮਾਰ ਆਜ਼ਾਦ ਅਤੇ ਸੁਖਪ੍ਰੀਤ ਮੌੜ ਨੇ ਕਿਹਾ ਕਿ ਕਾਲਜ ਪ੍ਰਬੰਧਕਾਂ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਵਿਦਿਆਰਥੀਆਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਏ ਸਰਕਾਰ: ਸ਼ਾਹੀ ਇਮਾਮ
ਕੋਟਕਪੂਰਾ (ਟ੍ਰਿਬਿਊਨ ਨਿਊਜ਼ ਸਰਵਿਸ): ਸੁਪਰੀਮ ਹਾਊਸ ਮੁਸਲਿਮ ਆਫ ਪੰਜਾਬ ਮੌਲਾਨਾ ਮੁਹੰਮਦ ਉਸਮਾ ਲੁਧਿਆਣਵੀ ਸ਼ਾਹੀ ਇਮਾਮ ਨੇ ਅੱਜ ਇੱਥੇ ਕਿਹਾ ਕਿ ਕੋਟਕਪੂਰਾ ਦੇ ਬਾਬਾ ਫ਼ਰੀਦ ਕਾਲਜ ਆਫ ਨਰਸਿੰਗ ਵਿੱਚ ਕਸ਼ਮੀਰੀ ਵਿਦਿਆਰੀਆਂ ਨੂੰ ਜ਼ਲੀਲ ਕੀਤਾ ਗਿਆ ਹੈ, ਜਿਸ ਨਾਲ ਫਿਰਕੂ ਭਾਵਨਾਵਾਂ ਵੀ ਭੜਕ ਸਕਦੀਆਂ ਸਨ ਪਰ ਪੰਜਾਬ ਦੀ ਧਰਤੀ ’ਤੇ ਸਾਰੇ ਧਰਮਾਂ ਦਾ ਸਤਿਕਾਰ ਹੁੰਦਾ ਹੈ, ਇਸ ਲਈ ਖੁਸ਼ੀ ਵਾਲੀ ਗੱਲ ਹੈ ਕਿ ਕਾਲਜ ਨੇ ਵਿਵਾਦਤ ਪ੍ਰਿੰਸੀਪਲ ਡਾ. ਗੁਰਜੀਤ ਕੌਰ ਨੂੰ ਨੌਕਰੀ ਤੋਂ ਹਟਾ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿੱਚ ਗੁਆਂਢੀ ਸੂਬਿਆਂ ਦੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਕਸ਼ਮੀਰੀ ਵਿਦਿਆਰਥੀਆਂ ਨੇ ਸ਼ਾਹੀ ਇਮਾਮ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਸ਼ਾਹੀ ਇਮਾਮ ਨੇ ਕਿਸਾਨ ਅੰਦੋਲਨ ਬਾਰੇ ਗੱਲ ਕਰਦਿਆਂ ਕਿਹਾ ਕਿ ਭਾਵੇਂ ਅੰਦੋਲਨ ਜਿੱਤ ਲਿਆ ਹੈ ਪਰ ਇਸ ਨੂੰ ਜਿੱਤਣ ਤੱਕ ਪਹੁੰਚਾਉਣ ਲਈ ਸਾਰੇ ਧਰਮਾਂ ਦੇ ਲੋਕਾਂ ਨੇ ਸ਼ਹਾਦਤਾਂ ਦਿੱਤੀਆਂ ਹਨ।
ਪੱਖ-ਪਾਤ ਕਰਨ ਵਾਲਿਆਂ ਖ਼ਿਲਾਫ਼ ਕਰਾਂਗੇ ਕਾਰਵਾਈ: ਡੀਸੀ
ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਕਸ਼ਮੀਰੀ ਵਿਦਿਆਰਥੀਆਂ ਦਾ ਮੁੱਦਾ ਸੁਲਝਣ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਨੇ ਆਪਣਾ ਧਰਨਾ ਵਾਪਸ ਲੈ ਲਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਦੇ ਕਿਸੇ ਵੀ ਕਾਲਜ ਵਿਚ ਜੇਕਰ ਵਿਦਿਆਰਥੀਆਂ ਨਾਲ ਕਿਸੇ ਵੀ ਪ੍ਰਕਾਰ ਦਾ ਵਿਤਕਰਾ ਹੋਇਆ ਤਾਂ ਉਸ ਕਾਲਜ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕਿ ਬੇਨਿਯਮੀਆਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਵਿਵਾਦ ਪੈਦਾ ਹੋਣ ਤੋਂ ਪਹਿਲਾਂ ਹੀ ਮਾਮਲੇ ਨੂੰ ਸੁਲਝਾਇਆ ਜਾ ਸਕੇ।