ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਕਤੂਬਰ
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਧਰਨਿਆਂ ਵਿੱਚ ਬੁਲਾਰਿਆਂ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਲਈ ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਗੰਭੀਰ ਨੋਟਿਸ ਲਿਆ ਅਤੇ ਸਰਕਾਰ ਨੂੰ ਤੁਰੰਤ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਆਗੂਆਂ ਨੇ ਕਿਹਾ ਕਿ ਕਈ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੈ ਅਤੇ ਬਹੁਤੀਆਂ ਮੰਡੀਆਂ ਵਿੱਚ ਲਾਵਾਰਸ ਪਸ਼ੂਆਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਰੱਖੀਆਂ ਹਨ। ਇਸ ਤੋਂ ਇਲਾਵਾ ਜ਼ਿਆਦਾਤਰ ਮੰਡੀਆਂ ਵਿੱਚ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਤੇ ਸ਼ੈੱਡ, ਸਾਫ਼-ਸਫ਼ਾਈ ਅਤੇ ਪੀਣ ਵਾਲੇ ਸ਼ੁੱਧ ਪਾਣੀ ਦਾ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਧਿਰ ਨੂੰ ਕੁਰਸੀ ਦੇ ਖੇਡ ਤੋਂ ਫੁਰਸਤ ਨਹੀਂ ਅਤੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਖ਼ਰੀਦ ਪ੍ਰਬੰਧ ਮੁਕੰਮਲ ਕਰੇ।
ਸੂਬੇ ਅੰਦਰ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਪੂੰਜੀਪਤੀਆਂ ਦੇ ਮਾਲਜ਼, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਬੀਤੇ ਦਿਨ ਹਰਿਆਣਾ ਦੇ ਨਰਾਇਣਗੜ੍ਹ ਭਾਜਪਾ ਆਗੂ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਨੇ ਇੱਕ ਹੋਰ ਲਖੀਮਪੁਰ ਖੀਰੀ ਕਾਂਡ ਰਚਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਗੂ ਦੀ ਗੱਡੀ ਦੀ ਫੇਟ ਕਾਰਨ ਕਰੀਬ ਅੱਧੀ ਦਰਜਨ ਕਿਸਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਕੁਝ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਆਗੂਆਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਤਖ਼ਤ ਨੂੰ ਖਤਰਾ ਦੇਖ ਮੋਦੀ ਸਰਕਾਰ ਨੇ ਕਿਸਾਨ ਸੰਘਰਸ਼ ਨੂੰ ਢਾਹ ਲਾਉਣ ਲਈ ਇਹ ਨਵਾਂ ਪੈਂਤੜਾ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਡੀਆਂ ਹੇਠ ਦਰੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਇਨ੍ਹਾਂ ਹਮਲਿਆਂ ਤੋਂ ਡਰਨ ਵਾਲੇ ਨਹੀਂ ਅਤੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਦਿਆਂ ਅੱਗੇ ਵਧਦੇ ਰਹਿਣਗੇ।