ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਅਗਸਤ
ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵਲੋਂ ਕੀਤੇ ਗਏ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਕਮੇਟੀ ਨੇ 72 ਘੰਟੇ ਦੇ ਨੋਟਿਸ ’ਤੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 27 ਅਗਸਤ ਨੂੰ ਹੋਵੇਗੀ, ਜਿਸ ਵਿਚ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਹਾਇਕ ਦਰਸ਼ਨ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਲੌਂਗੋਵਾਲ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ ਜੋ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ, ਅੰਮ੍ਰਿਤਸਰ ਵਿਖੇ ਹੋਵੇਗੀ।