ਪਾਲ ਸਿੰਘ ਨੌਲੀ
ਜਲੰਧਰ, 20 ਜਨਵਰੀ
ਇੰਗਲੈਂਡ ਦੀ ਲੇਬਰ ਪਾਰਟੀ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਉਥੋਂ ਦੀ ਸੰਸਦ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਸਮਾਜਿਕ ਤੇ ਧਾਰਮਿਕ ਆਗੂਆਂ ਸਮੇਤ ਕੁਝ ਪੱਤਰਕਾਰਾਂ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਨੋਟਿਸ ਭੇਜਣ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸੰਸਦ ਵਿੱਚ ਇਸ ਮੁੱਦੇ ਨੂੰ ਰੱਖਦਿਆਂ ਕਿਹਾ ਕਿ ਭਾਰਤ ਵਿੱਚ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ ਤੇ ਜਦੋਂ ਉਹ 25 ਨਵੰਬਰ ਨੂੰ ਦਿੱਲੀ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰਸਤੇ ਵਿੱਚ ਰੋਕਿਆ ਗਿਆ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਸਨ। ਸ੍ਰੀ ਢੇਸੀ ਨੇ ਮੰਗ ਕੀਤੀ ਕਿ ਐੱਨਆਈਏ ਵੱਲੋਂ ਭੇਜੇ ਨੋਟਿਸਾਂ ਦਾ ਮੁੱਦਾ ਇੰਗਲੈਂਡ ਦੀ ਸਰਕਾਰ ਭਾਰਤ ਸਰਕਾਰ ਕੋਲ ਉਠਾਏ ਕਿਉਂਕਿ ਇਹ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ।
ਗੱਲਬਾਤ ਦੌਰਾਨ ਸ੍ਰੀ ਢੇਸੀ ਨੇ ਦੱਸਿਆ ਕਿ ਇੰਗਲੈਂਡ ਦੇ ਵਿਦੇਸ਼ ਮੰਤਰੀ ਨੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਉਨ੍ਹਾਂ ਦਸੰਬਰ ਵਿੱਚ ਆਪਣੇ ਹਮਰੁਤਬਾ ਕੇਂਦਰੀ ਮੰਤਰੀ ਜੈ ਸ਼ੰਕਰ ਨਾਲ ਮੀਟਿੰਗ ਕੀਤੀ ਸੀ ਉਦੋਂ ਕਿਸਾਨਾਂ ਦੇ ਅੰਦੋਲਨ ਬਾਰੇ ਚਰਚਾ ਕੀਤੀ ਸੀ। ਜ਼ਿਕਰਯੋਗ ਹੈ ਕਿ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 100 ਤੋਂ ਵੱਧ ਮੈਂਬਰ ਪਾਰਲੀਮੈਂਟ ਅਤੇ ਲਾਰਡਜ਼ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਪੱਤਰ ਲਿਖਿਆ ਸੀ। ਉਦੋਂ ਵੀ ਉਨ੍ਹਾਂ ਨੇ ਪੱਤਰ ਵਿਚ ਸ਼ਾਂਤਮਈ ਢੰਗ ਨਾਲ ਚੱਲ ਰਹੇ ਕਿਸਾਨ ਅੰਦੋਲਨ ’ਤੇ ਕੇਂਦਰ ਸਰਕਾਰ ਵੱਲੋਂ ਢਾਹੇ ਜਾ ਰਹੇ ਜ਼ੋਰ ਬਾਰੇ ਚਿੰਤਾ ਜ਼ਾਹਰ ਕੀਤੀ ਸੀ। ਸ੍ਰੀ ਢੇਸੀ ਨੇ ਦੱਸਿਆ ਕਿ ਜਿਨ੍ਹਾਂ 100 ਐੱਮਪੀਜ਼ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ ਉਸ ਦਾ ਅਜੇ ਜਵਾਬ ਨਹੀਂ ਆਇਆ ਤੇ ਉਹ ਬੇਸਬਰੀ ਨਾਲ ਇਸ ਦੇ ਜਵਾਬ ਦੀ ਉਡੀਕ ਕਰ ਰਹੇ ਹਨ।