ਪੱਤਰ ਪ੍ਰੇਰਕ
ਮਾਨਸਾ, 31 ਮਈ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਆਸਤਦਾਨਾਂ, ਡੇਰੇਦਾਰਾਂ ਅਤੇ ਉੱਚ ਅਧਿਕਾਰੀਆਂ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਦਾ ਮਾਮਲਾ ਭਖ਼ਣ ਲੱਗਿਆ ਹੈ। ਸਿੱਧੂ ਮੂਸੇਵਾਲਾ ਦੀ ਘਟਾਈ ਗਈ ਸੁਰੱਖਿਆ ਨੂੰ ਸਾਰੀਆਂ ਸਿਆਸੀ ਧਿਰਾਂ ਕਤਲ ਕਾਂਡ ਨਾਲ ਜੋੜ ਕੇ ਦੇਖ ਰਹੀਆਂ ਹਨ। ਸਿਆਸੀ ਆਗੂਆਂ ਵੱਲੋਂ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਦੀ ਨਿਖੇਧੀ ਵੀ ਕੀਤੀ ਜਾ ਰਹੀ ਹੈ, ਜਦੋਂ ਆਮ ਆਦਮੀ ਪਾਰਟੀ ਨੇ ਇਸ ਮੁੱਦੇ ’ਤੇ ਚੁੱਪ ਵੱਟੀ ਹੋਈ ਹੈ।
ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਸਕਾਰ ਮੌਕੇ ਅੱਜ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਦਾ ਕੋਈ ਵਜ਼ੀਰ ਅਤੇ ਵਿਧਾਇਕ ਨਾ ਪੁੱਜਿਆ। ਸੂਬੇ ਦੀਆਂ ਹੋਰ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਅੱਜ ਸਿੱਧੂ ਮੂਸੇਵਾਲਾ ਦੇ ਘਰ ਸੱਥਰ ’ਤੇ ਵੇਖੇ ਗਏ ਹਨ। ਅਕਾਲੀ ਦਲ (ਅ) ਦੇ ਸੂਬਾ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਗਾਤਾਰ ਦੋ ਦਿਨਾਂ ਤੋਂ ਇੱਥੇ ਆ ਰਹੇ ਹਨ ਅਤੇ ਅੱਜ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਰਿਵਾਰ ਨਾਲ ਬਕਾਇਦਾ ਦੁੱਖ ਪ੍ਰਗਟਾਇਆ ਹੈ।
ਮੂਸਾ ਪਿੰਡ ਭਾਵੇਂ ਮਾਨਸਾ ਦੇ ਬਿਲਕੁਲ ਨੇੜੇ ਪੈਂਦਾ ਹੈ ਪਰ ਇਹ ਪਿੰਡ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਨਾਲ ਜੁੜਿਆ ਹੋਣ ਕਾਰਨ ਇਸ ਹਲਕੇ ਤੋਂ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਸਸਕਾਰ ਮੌਕੇ ਨਹੀਂ ਪੁੱਜੇ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਦੀ ਹੱਤਿਆ ਦੀ ਜਾਂਚ ਯੂਐੱਨਓ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਹੱਤਿਆਵਾਂ ਵਿੱਚ ਅਸਲੀ ਕਾਤਲਾਂ ਨੂੰ ਸਾਹਮਣੇ ਲਿਆਉਣ ਦੀ ਲੋੜ ਹੈ ਅਤੇ ਇਹ ਕਤਲ ਸਿੱਖ ਕੌਮ ਨਾਲ ਸਬੰਧਤ ਹਨ। ਇਸ ਮੌਕੇ ਗੁਰਸੇਵਕ ਸਿੰਘ ਜਵਾਹਰਕੇ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵੀ ਮੌਜੂਦ ਸਨ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਕਤਲ ਕਾਂਡ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਰਾਜੇਸ਼ ਬਾਘਾ ਅਤੇ ਦਿਆਲ ਸੋਢੀ ਵੀ ਹਾਜ਼ਰ ਸਨ।
ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਸਰਕਾਰ: ਬਣਾਂਵਾਲਾ
ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲਾ ਨੇ ਅੱਜ ਦੇਰ ਸ਼ਾਮ ਪਿੰਡ ਮੁੂਸਾ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਹਮਲਾਵਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮੁਖੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਜਲਦੀ ਹੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਉਣਗੇ। ਗੁਰਪ੍ਰੀਤ ਸਿੰਘ ਬਣਾਂਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੁੂਸੇਵਾਲਾ ਦੇ ਕਤਲ ’ਤੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਧਿਰਾਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ, ਜੋ ਕਿ ਬਹੁਤ ਮਾੜੀ ਗੱਲ ਹੈ। ਵਿਧਾਇਕ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੂੰ ਅਸਲੀਅਤ ਪਤਾ ਹੋਣ ਦੇ ਬਾਵਜੂਦ ਉਹ ਲੋਕਾਂ ਨੂੰ ਗੁਮਰਾਹ ਕਰਦਿਆਂ ਝੂਠ ਦੀ ਰਾਜਨੀਤੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਿੰਡ ਮੂਸਾ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਅਧੀਨ ਪੈਂਦਾ ਹੈ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲਾ ਦਾ ਪਿੰਡ ਸਿੱਧੂ ਮੂਸੇਵਾਲਾ ਦੇ ਪਿੰਡ ਦੇ ਨੇੜੇ ਪੈਂਦਾ ਹੈ।
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ‘ਆਪ’ ਸਰਕਾਰ ਆਈ ਹੈ, ਸੂਬੇ ਦਾ ਮਾਹੌਲ ਦਿਨੋਂ-ਦਿਨ ਖਰਾਬ ਹੋ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਨਿਰਪੱਖ ਜਾਂਚ ਕਰਕੇ ਕਸੂਰਵਾਰਾਂ ਨੂੰ ਸਖ਼ਤ ਸਜ਼ਾ ਦੇਣ ਤੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਹਾਲ ਕਰਨ ਦੀ ਮੰਗ ਕੀਤੀ।