ਅਮਰੀਕੀ ਫ਼ੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਇਆ
ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਸਰਕਾਰ ਦੇ ਫ਼ੈਸਲੇ ’ਤੇ ਰੋਕ ਲਗਾਉਣ ਲਈ ਜ਼ੋਰ ਪਾੳੁਣ ਦੀ ਅਪੀਲ
ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਰੱਖਿਆ ਹੈ। ਅਮਰੀਕਾ ਦੇ ਰੱਖਿਆ ਸਕੱਤਰ ਦੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਸ਼੍ਰੋਮਣੀ ਕਮੇਟੀ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਇਹ ਮਾਮਲਾ ਅਮਰੀਕਾ ਸਰਕਾਰ ਕੋਲ ਉਠਾ ਕੇ ਇਸ ’ਤੇ ਰੋਕ ਲਗਾਉਣ ਲਈ ਆਖਿਆ ਜਾਵੇ। ਪੱਤਰ ਵਿੱਚ ਲਿਖਿਆ ਗਿਆ ਕਿ ਇਸ ਫ਼ੈਸਲੇ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ ਅਤੇ ਸਿੱਖਾਂ ਨੂੰ ਪਹਿਲਾਂ ਵਾਂਗ ਅਮਰੀਕਾ ਦੀ ਫ਼ੌਜ ਵਿੱਚ ਆਪਣੇ ਧਰਮ ਦਾ ਪਾਲਣ ਕਰਦਿਆਂ ਸੇਵਾਵਾਂ ਨਿਭਾਉਣ ਦੀ ਇਜਾਜ਼ਤ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਸਰਕਾਰ ਦੇ ਅਧਿਕਾਰੀ ਦਾ ਅਜਿਹਾ ਬਿਆਨ ਸਿੱਖਾਂ ਦੀਆਂ ਪ੍ਰੰਪਰਾਵਾਂ ਅਤੇ ਮੌਲਿਕ ਅਧਿਕਾਰਾਂ ਨੂੰ ਅੱਖੋ-ਪਰੋਖੇ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਆਪਣੀ ਕਾਬਲੀਅਤ ਨਾਲ ਜਿੱਥੇ ਪੂਰੀ ਦੁਨੀਆਂ ਵਿੱਚ ਚੰਗੇ ਮੁਕਾਮ ਹਾਸਲ ਕੀਤੇ ਹਨ, ਉੱਥੇ ਅਮਰੀਕਾ ਦੇ ਵਿਕਾਸ ਵਿੱਚ ਵੀ ਆਪਣਾ ਯੋਗਦਾਨ ਪਾਇਆ ਹੈ ਅਤੇ ਅਮਰੀਕਾ ਦੀਆਂ ਫ਼ੌਜਾਂ ਵਿੱਚ ਵੀ ਸਿੱਖ ਆਪਣੀ ਡਿਊਟੀ ਪੂਰੀ ਲਗਨ ਨਾਲ ਕਰ ਰਹੇ ਹਨ। ਅਜਿਹੇ ਵਿੱਚ ਫੌਜ ਦੀ ਡਿਊਟੀ ਦੌਰਾਨ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਫ਼ੈਸਲਾ ਤਰਕਸੰਗਤ ਨਹੀਂ ਹੈ। ਉਨਾਂ ਕਿਹਾ ਕਿ ਸਿੱਖਾਂ ਵੱਲੋਂ ਆਪਣੇ ਕੇਸ ਨਾ ਕੱਟਣੇ ਆਪਣੇ ਗੁਰੂ ਸਾਹਿਬਾਨ ਅਤੇ ਧਰਮ ਪ੍ਰਤੀ ਵਚਨਬੱਧਤਾ ਹੈ ਅਤੇ ਅਮਰੀਕਾ ਦੇ ਰੱਖਿਆ ਮੰਤਰੀ ਵੱਲੋਂ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਕਾਨੂੰਨ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਹੈ। ਅਮਰੀਕਾ ਵਰਗੇ ਲੋਕਤੰਤਰੀ ਦੇਸ਼ ਵਿੱਚ ਸਿੱਖ ਭਾਈਚਾਰੇ ਨਾਲ ਅਜਿਹਾ ਵਿਤਕਰਾ ਠੀਕ ਨਹੀਂ ਹੈ।
ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਮੰਦਭਾਗਾ: ਸੰਧਵਾਂ
ਚੰਡੀਗੜ੍ਹ (ਟਨਸ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਕੇਸ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸ ਦਾ ਅਨਿੱਖੜਵਾਂ ਅੰਗ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਰੱਦ ਕਰਵਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕੀ ਸਰਕਾਰ ਨੂੰ ਅਮਰੀਕੀ ਫੌਜ ਵਿੱਚ ਸੈਨਿਕਾਂ ਲਈ ਦਾੜ੍ਹੀ ਨਾ ਰੱਖਣ ਦਾ ਫੈਸਲਾ ਵਾਪਸ ਲੈਣ ਲਈ ਜ਼ੋਰ ਬਣਾਵੇ ਤਾਂ ਜੋ ਸਿੱਖਾਂ ਦੀ ਵੱਖਰੀ ਪਛਾਣ ਨੂੰ ਦੁਨੀਆਂ ਭਰ ਵਿੱਚ ਕਾਇਮ ਰੱਖਿਆ ਜਾ ਸਕੇ।