ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੂੰ ਦੇਰ ਰਾਤ ਅਚਾਨਕ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ। ਉਥੇ ਮੁੱਢਲੀ ਜਾਂਚ ਉਪਰੰਤ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਆਨੰਦਪੁਰ ਸਾਹਿਬ ਦੇ ਨਿੱਜੀ ਹਸਪਤਾਲ ਦੇ ਡਾ. ਤੇਗ ਬਹਾਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਉਨ੍ਹਾਂ ਕੋਲ ਆਏ ਸਨ। ਉਸ ਵੇਲੇ ਉਨ੍ਹਾਂ ਦੇ ਦਿਲ ਵਿੱਚ ਕੁਝ ਤਕਲੀਫ਼ ਸੀ। ਉਨ੍ਹਾਂ ਦੀ ਈਸੀਜੀ ਕਰਨ ਉਪਰੰਤ ਥੋੜ੍ਹੀ ਤਕਲੀਫ਼ ਨਜ਼ਰ ਆਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ਪਰ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਮੁਤਾਬਕ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੈ।