ਜੋਗਿੰਦਰ ਸਿੰਘ ਮਾਨ
ਮਾਨਸਾ, 7 ਜੂਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਵੀਰ ਸਿੰਘ ਢੋਟ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ।
ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਜਿਹੀਆਂ ਕਤਲ ਦੀਆਂ ਘਟਨਾਵਾਂ ਸੂਬਾ ਵਾਸੀਆਂ ਵਿੱਚ ਡਰ ਤੇ ਭੈਅ ਦਾ ਮਾਹੌਲ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਪਹਿਰਾਵੇ ਵਾਲੇ ਮੂਸੇਵਾਲਾ ’ਤੇ ਸਿੱਖ ਕੌਮ ਨੂੰ ਹਮੇਸ਼ਾ ਮਾਣ ਰਹੇਗਾ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਕਿ ਸਿੱਧੂ ਨੇ ਸਿੱਖ ਰਾਜ ’ਤੇ ਇੱਕ ਗੀਤ ਲਿਖਿਆ ਸੀ ਤੇ ਉਸ ਨੂੰ ਗਾਉਣ ਦੀ ਤਿਆਰੀ ਵੀ ਚੱਲ ਰਹੀ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ।
ਇਸੇ ਦੌਰਾਨ ਸਾਬਕਾ ਚੇਅਰਪਰਸਨ ਪੰਜਾਬ ਖਾਦੀ ਅਤੇ ਪੇਂਡੂ ਇੰਡਸਟਰੀ ਬੋਰਡ ਮਮਤਾ ਦੱਤਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੂਰੀ ਦੁਨੀਆ ਦਾ ਚਹੇਤਾ ਤੇ ਛੋਟੀ ਉਮਰ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਵਾਲਾ ਗਾਇਕ ਸੀ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿੱਚ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ। ਇਸੇ ਦੌਰਾਨ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਵੀ ਪਰਿਵਾਰ ਨਾਲ ਦੁੱਖ ਵੰਡਿਆ।
ਸਿੱਧੂ ਮੂਸੇਵਾਲਾ ਨਮਿਤ ਭੋਗ ਸਬੰਧੀ ਸਖ਼ਤ ਸੁਰੱਖਿਆ ਪ੍ਰਬੰਧ
ਮਰਹੂਮ ਸਿੱਧੂ ਮੂਸੇਵਾਲਾ ਨਮਿਤ ਭੋਗ ਤੇ ਸ਼ਰਧਾਂਜਲੀ ਸਮਾਗਮ ਮਾਨਸਾ ਸ਼ਹਿਰ ਦੀ ਆਧੁਨਿਕ ਅਨਾਜ ਮੰਡੀ ਵਿੱਚ ਰੱਖਿਆ ਗਿਆ ਹੈ, ਜਿਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਭੋਗ ਤੇ ਲੰਗਰ ਦੀ ਸੇਵਾ ਲਈ ਪਰਿਵਾਰ ਵੱਲੋਂ ਰਸਦ-ਪਾਣੀ ਦਿੱਤਾ ਗਿਆ ਹੈ, ਜਦਕਿ ਲੰਗਰ ਬਣਾਉਣ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਵੱਲੋਂ ਪੱਗਾਂ ਦੇ ਲੰਗਰ ਵੀ ਲਾਏ ਜਾਣਗੇ।
ਮਾਨਸਾ ਦੇ ਵਕੀਲਾਂ ਵੱਲੋਂ ਮੁਲਜ਼ਮਾਂ ਦੀ ਪੈਰਵੀ ਨਾ ਕਰਨ ਦਾ ਐਲਾਨ
ਮਾਨਸਾ: ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜਨਗੇ। ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਨੇ ਮਤਾ ਪਾਸ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿੱਚ ਕੋਈ ਵੀ ਵਕੀਲ ਮੁਲਜ਼ਮਾਂ ਦੀ ਨੁਮਾਇੰਦਗੀ ਨਹੀਂ ਕਰੇਗਾ। ਵਕੀਲਾਂ ਦਾ ਪੈਨਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਵੇਗਾ। ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਅੱਠ ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੇ ਪੰਜਾਬ ਸਣੇ ਹਰਿਆਣਾ ਦੀਆਂ ਸਮੂਹ ਅਦਾਲਤਾਂ ਦਾ ਕੰਮ-ਕਾਜ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਭੋਗ ਵਾਲੇ ਦਿਨ ਬੰਦ ਰੱਖਣ ਅਤੇ ਸਮੂਹ ਵਕੀਲ ਭਾਈਚਾਰੇ ਨੂੰ ਮਾਨਸਾ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਫ਼ੈਸਲੇ ਤੋਂ ਬਾਅਦ ਵਕੀਲਾਂ ਦਾ ਵਫ਼ਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਿਆ। ਬਾਰ ਐਸੋਸੀਏਸ਼ਨ ਵੱਲੋਂ ਕਾਇਮ ਕੀਤੀ ਵਕੀਲਾਂ ਦੀ ਟੀਮ ਪਰਿਵਾਰ ਵੱਲੋਂ ਕੇਸ ਲੜੇਗੀ। ਇਸ ਟੀਮ ਵਿੱਚ ਐਡਵੋਕੇਟ ਬਿਮਲਜੀਤ ਸਿੰਘ, ਐਡਵੋਕੇਟ ਸਰਬਜੀਤ ਸਿੰਘ ਵਾਲੀਆ (ਪ੍ਰਧਾਨ), ਐਡਵੋਕੇਟ ਰਣਦੀਪ ਸ਼ਰਮਾ, ਐਡਵੋਕੇਟ ਲਲਿਤ ਅਰੋੜਾ, ਐਡਵੋਕੇਟ ਸਤਿੰਦਰਪਾਲ ਸਿੰਘ (ਸਕੱਤਰ), ਐਡਵੋਕੇਟ ਜਗਤਾਰ ਸਿੰਘ ਅਤੇ ਐਡਵੋਕੇਟ ਗੁਰਦਾਸ ਸਿੰਘ ਮਾਨ ਸ਼ਾਮਲ ਹਨ।