ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੁਲਾਈ
ਸਾਂਝਾ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਲਗਪਗ 30 ਵਿਧਾਇਕਾਂ ਅਤੇ ਮੰਤਰੀਆਂ ਨੂੰ ਯਾਦ ਪੱਤਰ ਸੌਂਪ ਕੇ ਪੰਜਾਬ ਸਰਕਾਰ ਨੂੰ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕਰਨ ਦਾ ਵਾਅਦਾ ਯਾਦ ਕਰਵਾਇਆ ਤੇ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਨਾ ਦੇਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ ਗਿਆ। ਇਸ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਮਿੰਟੂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮਜ਼ਦੂਰਾਂ ਨੂੰ ਜੁਲਾਈ ਦੇ ਪਹਿਲੇ ਹਫਤੇ ਮੁੜ ਮੀਟਿੰਗ ਕਰ ਕੇ ਸਾਰੇ ਮਸਲਿਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਪਰ ਮਹੀਨੇ ਮਗਰੋਂ ਵੀ ਮੀਟਿੰਗ ਦਾ ਸਮਾਂ ਨਹੀਂ ਮਿਲਿਆ।