ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਸਤੰਬਰ
ਉੱਤਰਾਖੰਡ ਸਥਿਤ ਗੁਰਦੁਆਰਾ ਨਾਨਕ ਮਤਾ ਦੀ ਪ੍ਰਬੰਧਕੀ ਕਮੇਟੀ ਦਾ ਆਗੂ ਜਸਵਿੰਦਰ ਸਿੰਘ, ਜਿਸ ਨੂੰ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਨਖਾਹੀਆ ਕਰਾਰ ਦਿੱਤਾ ਸੀ, ਅੱਜ ਆਪਣੀਆਂ ਭੁੱਲਾਂ ਦੀ ਖਿਮਾ ਯਾਚਨਾ ਲਈ ਜਥੇਦਾਰ ਹਰਪ੍ਰੀਤ ਸਿੰਘ ਦੀ ਥਾਂ ਹਵਾਰਾ ਕਮੇਟੀ ਕੋਲ ਪੁੱਜਾ ਹੈ, ਜਿਨ੍ਹਾਂ ਉਸ ਨੂੰ ਮੁਤਵਾਜ਼ੀ ਜਥੇਦਾਰ ਦਾ ਆਦੇਸ਼ ਸੌਂਪ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਨਾਨਕ ਮਤਾ ਦੀ ਪ੍ਰਬੰਧਕੀ ਕਮੇਟੀ ਦੇ ਆਗੂਆਂ ਨੂੰ ਗੁਰਦੁਆਰੇ ਵਿੱਚ ਮੁੱਖ ਮੰਤਰੀ ਦੀ ਆਮਦ ਵੇਲੇ ਕੁੜੀਆਂ ਦਾ ਨ੍ਰਿਤ ਕਰਵਾ ਕੇ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਜਥੇਦਾਰ ਵੱਲੋਂ ਤਨਖਾਹ ਲਾਈ ਗਈ ਸੀ। ਅੱਜ ਇਹ ਵਿਅਕਤੀ ਇੱਥੇ ਹਵਾਰਾ ਕਮੇਟੀ ਕੋਲ ਪੇਸ਼ ਹੋਇਆ। ਹਵਾਰਾ ਕਮੇਟੀ ਦੇ ਮੈਂਬਰਾਂ ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਨੇ ਇੱਥੇ ਅਕਾਲ ਤਖਤ ਦੇ ਸਕੱਤਰੇਤ ਸਾਹਮਣੇ ਇਸ ਨੂੰ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਪੱਤਰ ਸੌਂਪ ਦਿੱਤਾ ਹੈ। ਪੱਤਰ ਵਿੱਚ ਉਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੰਗਤ ਦੇ ਸਨਮੁੱਖ ਪੰਜ ਪਿਆਰਿਆਂ ਕੋਲ ਪੇਸ਼ ਹੋ ਕੇ ਹੋਈ ਭੁੱਲ ਦੀ ਖਿਮਾ ਯਾਚਨਾ ਕਰੇ। ਜਸਵਿੰਦਰ ਸਿੰਘ ਨੇ ਹਵਾਰਾ ਕਮੇਟੀ ਨੂੰ ਭਰੋਸਾ ਦਿੱਤਾ ਕਿ ਉਹ ਪੰਜ ਪਿਆਰਿਆਂ ਕੋਲ ਪੇਸ਼ ਹੋ ਕੇ ਖਿਮਾ ਯਾਚਨਾ ਕਰੇਗਾ।