ਦਵਿੰਦਰ ਪਾਲ
ਚੰਡੀਗੜ੍ਹ, 8 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਆਗੂਆਂ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਖ਼ੁਫੀਆ ਰਿਪੋਰਟਾਂ ਦੇ ਆਧਾਰ ’ਤੇ ਸਰਕਾਰ ਵੱਲੋਂ ਇਸ ਖੱਬੇ ਪੱਖੀ ਯੂਨੀਅਨ ਦੇ ਆਗੂਆਂ ਨੂੰ ਪੰਜਾਬ ਪੁਲੀਸ ਦੀ ਸੁਰੱਖਿਆ ਛਤਰੀ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਗਈ ਸੀ। ਸ਼ੁੱਕਰਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਦੌਰਾਨ ਸੁਰੱਖਿਆ ਛਤਰੀ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਗਈ ਸੀ। ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਇੰਟੈਲੀਜੈਂਸ ਵਿੰਗ ਦੇ ਮੁਖੀ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ।
ਸੂਤਰਾਂ ਦਾ ਦੱਸਣਾ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਝੰਡਾ ਸਿੰਘ ਜੇਠੂਕੇ ਆਦਿ ਨੇ ਸਰਕਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਯੂਨੀਅਨ ਆਗੂ ਸਵੈ-ਰੱਖਿਆ ਕਰਨੀ ਜਾਣਦੇ ਹਨ। ਇਸ ਲਈ ਸਰਕਾਰ ਤੋਂ ਸੁਰੱਖਿਆ ਨਹੀਂ ਲਈ ਜਾਵੇਗੀ। ਯੂਨੀਅਨ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮੇਂ ਜਥੇਬੰਦੀ ਦੇ ਆਗੂਆਂ ਅਤੇ ਕਾਰਕੁਨਾਂ ਨੂੰ ਅਸਲੇ ਦੇ ਜੋ ਲਾਇਸੈਂਸ ਦਿੱਤੇ ਹੋਏ ਹਨ ਉਨ੍ਹਾਂ ਨੂੰ ਹੋਰਨਾਂ ਸੂਬਿਆਂ ਵਿੱਚ ਵੀ ਮਾਨਤਾ ਦਿੱਤੀ ਜਾਵੇ। ਇਸੇ ਤਰ੍ਹਾਂ ਜਥੇਬੰਦੀ ਨੇ 100 ਅਸਲਾ ਲਾਇਸੈਂਸ ਨਵੇਂ ਜਾਰੀ ਕਰਨ ਦੀ ਮੰਗ ਕੀਤੀ ਹੈ। ਸਰਕਾਰ ਨੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਜਥੇਬੰਦੀ ਦੇ ਆਗੂਆਂ ਦੇ ਨਾਮ ’ਤੇ ਪਹਿਲਾਂ ਤੋਂ ਜਾਰੀ ਅਸਲਾ ਲਾਇਸੈਂਸ ਨੂੰ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਮੁਤਾਬਕ 4 ਸੂਬਿਆਂ ਤੱਕ ਮਾਨਤਾ ਦਿੱਤੀ ਜਾਵੇ। ਇਸੇ ਤਰ੍ਹਾਂ ਨਵੇਂ ਲਾਇਸੈਂਸ ਜਾਰੀ ਕਰਨ ਦਾ ਅਮਲ ਤੁਰੰਤ ਸ਼ੁਰੂ ਕੀਤਾ ਜਾਵੇ।
ਯੂਨੀਅਨ ਆਗੂਆਂ ਨੇ ਦਲੀਲ ਦਿੱਤੀ ਕਿ ਪੰਜਾਬ ਤੋਂ ਜਾਰੀ ਕੀਤੇ ਜਾਣ ਵਾਲੇ ਅਸਲਾ ਲਾਇਸੈਂਸਾਂ ਦਾ ਦਾਇਰਾ ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ, ਉਤਰ ਪ੍ਰਦੇਸ਼, ਦਿੱਲੀ ਅਤੇ ਉਤਰਾਖੰਡ ਤੱਕ ਹੋਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਪੰਜਾਬ ’ਚ ਪਿਛਲੇ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਆਗੂਆਂ ਤੇ ਗਰਮਦਲੀਆਂ ਵਿਚਾਲੇ ਟਕਰਾਅ ਦੀਆਂ ਰਿਪੋਰਟਾਂ ਹਨ। ਖ਼ੁਫੀਆ ਏਜੰਸੀਆਂ ਨੇ ਰਾਜ ਸਰਕਾਰ ਨੂੰ ਕਿਸਾਨ ਆਗੂਆਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦੀ ਸਲਾਹ ਦਿੱਤੀ ਹੈ।
ਸੁਰੱਖਿਆ ਦੇ ਬਹਾਨੇ ਸਰਕਾਰੀ ਜਾਸੂਸ ਤਾਇਨਾਤ ਕੀਤੇ ਜਾਣ ਦਾ ਖਦਸ਼ਾ
ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੀ ਜੀਵਨ ਸ਼ੈਲੀ ’ਚ ਉਹ (ਯੂਨੀਅਨ ਆਗੂ) ਰਹਿ ਰਹੇ ਹਨ ਤੇ ਜਿਸ ਤਰ੍ਹਾਂ ਦੇ ਸੰਘਰਸ਼ਾਂ ਦੀ ਅਗਵਾਈ ਕਰ ਰਹੇ ਹਨ ਉਸ ਮੁਤਾਬਕ ਸਰਕਾਰੀ ਸੁਰੱਖਿਆ ਜਥੇਬੰਦਕ ਤੌਰ ’ਤੇ ਗਲਤ ਕਦਮ ਸਾਬਤ ਹੋ ਸਕਦਾ ਹੈ। ਯੂਨੀਅਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਵੱਲੋਂ ਸੁਰੱਖਿਆ ਦੇ ਬਹਾਨੇ ਇੱਕ ਤਰ੍ਹਾਂ ਨਾਲ ਸਰਕਾਰੀ ਜਸੂਸ ਜਥੇਬੰਦੀ ਦੇ ਆਗੂਆਂ ਨਾਲ ਤਾਇਨਾਤ ਕਰ ਦਿੱਤੇ ਜਾਣਗੇ ਜੋ ਹਰ ਤਰ੍ਹਾਂ ਦੀ ਰਿਪੋਰਟ ਸਰਕਾਰ ਨੂੰ ਦੇ ਕੇ ਜਥੇਬੰਦੀ ਦਾ ਨੁਕਸਾਨ ਵੀ ਕਰ ਸਕਦੇ ਹਨ। ਇਸ ਲਈ ਮੌਜੂਦਾ ਹਾਲਾਤ ਵਿੱਚ ਸਵੈ-ਰੱਖਿਆ ਲਈ ਲੋੜੀਂਦੇ ਕਦਮ ਚੁੱਕਣੇ ਹਹ ਸਹੀ ਫ਼ੈਸਲਾ ਹੋਵੇਗਾ।