ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 2 ਨਵੰਬਰ
ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਇਸ ਸਾਲ 26 ਦਸੰਬਰ ਤੋਂ 28 ਦਸੰਬਰ ਤੱਕ ਹੋਵੇਗੀ। ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਸਬੰਧੀ ਇੱਥੇ ਬੱਚਤ ਭਵਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਸੀ ਨੇ ਦੱਸਿਆ ਕਿ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸੰਗਤ ਦੀ ਸਹੂਲਤ ਲਈ 300 ਆਰਜੀ ਪਖਾਨੇ ਬਣਾਏ ਜਾਣਗੇ ਅਤੇ ਬਜੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜ਼ਨਾਂ ਲਈ 25 ਮਿਨੀ ਬੱਸਾਂ ਤੋਂ ਇਲਾਵਾ ਈ-ਰਿਕਸ਼ਾ ਚਲਾਏ ਜਾਣਗੇ ਜਦੋਂਕਿ ਸ਼ਰਧਾਲੂਆਂ ਦੀ ਸਹੂਲਤ ਅਨੁਸਾਰ ਆਰਜ਼ੀ ਪਾਰਕਿੰਗ ਸਥਾਪਤ ਕੀਤੀਆਂ ਜਾਣਗੀਆਂ। ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਐਂਬੂਲੈਸ, ਡਿਸਪੈਂਸਰੀਆਂ ਅਤੇ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇਗਾ ਅਤੇ 6 ਪੁੱਛ-ਪੜਤਾਲ ਕੇਂਦਰ ਸਥਾਪਿਤ ਕੀਤੇ ਜਾਣਗੇ।
ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਮੁਤਾਬਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਵਿਕਾਸ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਆਮ ਖਾਸ ਬਾਗ ਵਿਖੇ ਇਤਿਹਾਸਕ ਨਾਟਕ ਪੇਸ਼ ਕੀਤੇ ਜਾਣਗੇ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੀ ਕੀਰਤਨ ਦਾ ਪ੍ਰਸਾਰਨ ਹੋਵੇਗਾ ਅਤੇ ਲੰਗਰਾਂ ਵਿਚ ਉੱਚੀ ਆਵਾਜ਼ ’ਚ ਸਪੀਕਰ ਚਲਾਉਣ ’ਤੇ ਮਨਾਹੀ ਹੋਵੇਗੀ। ਅੰਤਿਮ ਦਿਨ ਨਗਰ ਕੀਰਤਨ ਵਾਲੇ ਦਿਨ 28 ਦਸੰਬਰ ਨੂੰ ਸਥਾਨਕ ਛੁੱਟੀ ਹੋਵੇਗੀ।
ਇਸੇ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਅਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਵਾਜਾਈ ਦੇ ਬਦਲਵੇਂ ਰੂਟਾਂ ਦਾ ਪ੍ਰਬੰਧ ਕੀਤਾ ਜਾਵੇਗਾ।