ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਅਗਸਤ
ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕੁਆਇਰ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਜ਼ਮੀਨ ਮਾਲਕ, ਰੋਡ ਸੰਯੁਕਤ ਕਿਸਾਨ ਕਮੇਟੀ ਦੇ ਬੈਨਰ ਹੇਠ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਪਿਛਲੇ ਕਰੀਬ ਸਾਢੇ ਤਿੰਨ ਮਹੀਨੇ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ। ਅੱਜ ਕਿਸਾਨਾਂ ਦੇ ਧਰਨੇ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਧਰਨੇ ’ਤੇ ਬੈਠ ਗਏ ਅਤੇ ਅਕਾਲੀ ਦਲ ਵੱਲੋਂ ਰੋਡ ਸੰਘਰਸ਼ ਕਮੇਟੀ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ। ਉਧਰ, ਕਿਸਾਨ ਆਗੂਆਂ ਨੇ ਇਨਸਾਫ਼ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਕੋਠੀ ਦੇ ਬਾਹਰ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ।
ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕੌਡੀਆਂ ਦੇ ਭਾਅ ਜ਼ਮੀਨਾਂ ਐਕੁਆਇਰ ਦੀ ਕਾਰਵਾਈ ਨੂੰ ਅਕਾਲੀ ਦਲ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ, ਜੇਕਰ ਲੋੜ ਪਈ ਤਾਂ ਅਕਾਲੀ ਦਲ ਵੀ ਸੜਕਾਂ ’ਤੇ ਉੱਤਰਨ ਤੋਂ ਗੁਰੇਜ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜ਼ਮੀਨਾਂ ਦੇ ਵੱਖੋ-ਵੱਖਰੇ ਭਾਅ ਦੇ ਕੇ ਕਿਸਾਨਾਂ ਨੂੰ ਆਪਸ ਵਿੱਚ ਲੜਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਰਣਬੀਰ ਸਿੰਘ ਗਰੇਵਾਲ, ਦਵਿੰਦਰ ਸਿੰਘ ਦੇਹਕਲਾਂ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਕਿ ਜੇ ਮੌਜੂਦਾ ਮਾਰਕੀਟ ਭਾਅ ਅਨੁਸਾਰ ਜ਼ਮੀਨ ਮਾਲਕਾਂ ਨੂੰ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਤੇ ਹੋਰ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੇ ਸੋਮਵਾਰ ਤੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਕੋਠੀ ਦੇ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ। ਮਹਿਲਾ ਕਿਸਾਨ ਆਗੂ ਬੀਬੀ ਗੁਰਜੀਤ ਕੌਰ ਨੇ ਸਰਕਾਰ ਦੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਮੁਹਿੰਮ ਨੂੰ ਮਹਿਜ਼ ਡਰਾਮੇਬਾਜ਼ੀ ਦੱਸਿਆ। ਇਸ ਮੌਕੇ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਰਣਬੀਰ ਸਿੰਘ ਸਮੇਤ ਹੋਰ ਕਿਸਾਨ ਮੌਜੂਦ ਸਨ।