ਪੱਤਰ ਪ੍ਰੇਰਕ
ਤਲਵੰਡੀ ਸਾਬੋ, 27 ਮਈ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਅੱਜ ਸਿੱਖੀ ਸਰੂਪ ਧਾਰਨ ਕਰਕੇ ਅਤੇ ਆਪਣੇ ਨਾਮ ਨਾਲ ਸਿੰਘ ਜਾਂ ਕੌਰ ਲਾ ਕੇ ਕੁਝ ਲੋਕਾਂ ਵੱਲੋਂ ਇਸਾਈ ਧਰਮ ਦਾ ਪ੍ਰਚਾਰ ਕਰਨ ਅਤੇ ਲੋਕਾਂ ਦਾ ਧਰਮ ਪਰਿਵਰਤਨ ਕਰਵਾਉਣ ਦਾ ਮਾਮਲਾ ਪੁੱਜਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਇਸ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਮੁੰਬਈ ਵਾਸੀ ਵਿੱਕੀ ਥੌਮਸ ਨੇ ਕੁਝ ਸਿੱਖਾਂ ਸਮੇਤ ਅੱਜ ਦਮਦਮਾ ਸਾਹਿਬ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ’ਤੇ ਉਨ੍ਹਾਂ ਕੋਲ ਸ਼ਿਕਾਇਤ ਕੀਤੀ ਕਿ ਪੰਜਾਬ ਵਿੱਚ ਕੁਝ ਲੋਕ ਸਿੱਖੀ ਨਾਮ ਨਾਲ ਪਾਸਟਰ ਲਾ ਕੇ ਅਤੇ ਸਿੱਖੀ ਪਹਿਰਾਵੇ ਵਿੱਚ ਇਸਾਈ ਧਰਮ ਦਾ ਪ੍ਰਚਾਰ ਕਰਦੇ ਹੋਏ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਰਹੇ ਹਨ। ਸ਼ਿਕਾਇਤਕਰਤਾ ਨੇ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।