ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਸਤੰਬਰ
ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾ ਦੇ ਸਮੂਹ ਮੈਂਬਰਾਂ ਦੀ ਹੰਗਾਮੀ ਮੀਟਿੰਗ ਭਲਕੇ 30 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸੱਦੀ ਗਈ ਹੈ, ਜਿਸ ਵਿੱਚ ਸਮੂਹ ਮੈਂਬਰਾਂ ਦੀ ਰਾਇ ਤੇ ਸਰਬਸੰਮਤੀ ਨਾਲ ਇਸ ਫ਼ੈਸਲੇ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਜਾ ਸਕਦਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੰਡੀਗੜ੍ਹ ਦਫ਼ਤਰ ’ਚ ਆਪਣੇ ਵਿਧਾਇਕਾਂ, ਸਾਬਕਾ ਵਿਧਾਇਕਾਂ, ਜ਼ਿਲ੍ਹਾ ਆਗੂਆਂ ਅਤੇ ਹੋਰ ਅਕਾਲੀ ਆਗੂਆਂ ਦੀ ਮੀਟਿੰਗ ਭਲਕੇ 30 ਸਤੰਬਰ ਨੂੰ ਸੱਦੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਅੰਤ੍ਰਿੰਗ ਕਮੇਟੀ ਦੀ ਵੀ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਸਰਬਸੰਮਤੀ ਨਾਲ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਸੀ।