ਦਲਬੀਰ ਸੱਖੋਵਾਲੀਆ
ਬਟਾਲਾ, 5 ਅਗਸਤ
ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਅਰੁਣਾ ਚੌਧਰੀ ਨੇ ਅੱਜ ਬਟਾਲਾ ਪਹੁੰਚ ਕੇ ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਜ਼ਿੰਮੇਵਾਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇ ਨਾਲ ਵਿਧਵਾ, ਆਸ਼ਰਤ ਪੈਨਸ਼ਨ, ਸਸਤੇ ਅਨਾਜ ਦੇ ਸਮਾਰਟ ਕਾਰਡ ਸਣੇ ਹੋਰ ਜੋ ਵੀ ਸੰਭਵ ਹੋਇਆ, ਕੀਤਾ ਜਾਵੇਗਾ। ਦੋਵੇਂ ਮੰਤਰੀਆਂ ਨੇ ਸਥਾਨਕ ਪੁਲੀਸ ਲਾਈਨ ਵਿਚ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਾਰੀ ਘਟਨਾ ਤੇ ਹੁਣ ਤੱਕ ਕੀਤੀ ਕਾਨੂੰਨੀ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ। ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਸਰਕਾਰ ਤਰਫੋਂ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਦੇ ਘਰ ਪਹੁੰਚ ਕੇ ਵੀ ਮੁੱਖ ਮੰਤਰੀ ਦਾ ਸ਼ੋਕ ਸੁਨੇਹਾ ਪਹੁੰਚਾਇਆ। ਇਸ ਮਗਰੋਂ ਹਾਥੀ ਗੇਟ ’ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਦੁੱਖੜੇ ਸੁਣੇ ਤੇ ਸਰਕਾਰ ਵੱਲੋਂ ਹੋਰ ਰਾਹਤ ਦਿਵਾਉਣ ਦਾ ਭਰੋਸਾ ਦਿੱਤਾ ਗਿਆ। ਮੀਡੀਆ ਨਾਲ ਗੱਲ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਘਟਨਾ ਦੀ ਜਾਂਚ ਚੱਲ ਰਹੀ ਹੈ ਤੇ ਜਲਦੀ ਦੋਸ਼ੀਆਂ ਦੇ ਚਿਹਰੇ ਸਾਹਮਣੇ ਆ ਜਾਣਗੇ। ਸ੍ਰੀ ਅਰੋੜਾ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਮੌਕੇ ਕਿਸੇ ਵੀ ਪਾਰਟੀ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ।
ਮੁੱਖ ਮੰਤਰੀ ਨੂੰ ਰਿਪੋਰਟ ਦੇਵਾਂਗੇ: ਅਰੁਣਾ ਚੌਧਰੀ
ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਸ ਘਟਨਾ ਲਈ ਜ਼ਿੰਮੇਵਾਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਸਰਕਾਰ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲੇ ਵਿਅਕਤੀ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਅੱਜ ਉਨ੍ਹਾਂ ਨੇ ਆ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਹੈ। ਇਸ ਦੀ ਰਿਪੋਰਟ ਮੁੱਖ ਮੰਤਰੀ ਪੰਜਾਬ ਨੂੰ ਦੇਣਗੇ ਤਾਂ ਜੋ ਇਨ੍ਹਾਂ ਪਰਿਵਾਰਾਂ ਦੀ ਭਲਾਈ ਲਈ ਕੁਝ ਹੋਰ ਵੀ ਕੀਤਾ ਜਾ ਸਕੇ।