ਜੋਗਿੰਦਰ ਸਿੰਘ ਓਬਰਾਏ
ਖੰਨਾ, 27 ਦਸੰਬਰ
ਨੇੜਲੇ ਪਿੰਡ ਲਬਿੜਾ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਪੰਜਾਬ ਵਕਫ਼ ਬੋਰਡ ਦੇ ਡਾਇਰੈਕਟਰ ਸਿਤਾਰ ਮੁਹੰਮਦ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਦਿਨ ਲਗਾਤਾਰ ਲੰਗਰ ਲਾਇਆ ਗਿਆ। ਇਸ ਮੌਕੇ ਸੈਂਕੜੇ ਸ਼ਰਧਾਲੂਆਂ ਨੇ ਨਮਕੀਨ ਤੇ ਮਿੱਠੇ ਚੌਲਾਂ ਦਾ ਲੰਗਰ ਛਕਿਆ। ਇਸ ਮੌਕੇ ਸਿਤਾਰ ਮੁਹੰਮਦ ਨੇ ਕਿਹਾ, ‘‘ਸਾਨੂੰ ਸਾਰਿਆਂ ਨੂੰ ਜਾਤ, ਧਰਮ ਤੋਂ ਉੱਪਰ ਉੱਠ ਕੇ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸਿੱਖ ਇਤਿਹਾਸ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਗੁਰੂ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਿੱਖੀ ਨਾਲ ਜੋੜਨ ਲਈ ਪ੍ਰੇਰਿਆ।