ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 29 ਨਵੰਬਰ
ਰੇਲ ਰੋਕ ਅੰਦੋਲਨ ਜੰਡਿਆਲਾ ਗੁਰੂ ਵਿੱਚ ਅੱਜ 67ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨ ਰੇਲਵੇ ਸਟੇਸ਼ਨ ਦੇ ਬਾਹਰ ਡਟੇ ਬੈਠੇ ਹਨ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟਾ ਰਹੇ ਹਨ। ਕਿਸਾਨਾਂ ਅਨੁਸਾਰ ਕਾਲੇ ਕਾਨੂੰਨ ਰੱਦ ਹੋਣ ਤਕ ਇਹ ਅੰਦੋਲਨ ਜਾਰੀ ਰਹੇਗਾ।
ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਦਾ ਦੂਜਾ ਜਥਾ ਜ਼ਿਲ੍ਹਾ ਫਿਰੋਜ਼ਪੁਰ ਤੋਂ ਰਵਾਨਾ ਕੀਤਾ ਜਾਵੇਗਾ, ਜਿਸ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਤੋਂ ਅਗਲਾ ਜਥਾ ਰਵਾਨਾ ਕੀਤਾ ਜਾਵੇਗਾ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਗੋਦੀ ਮੀਡੀਆ ਕਿਸਾਨ ਅੰਦੋਲਨ ਬਾਰੇ ਕੁਝ ਬੇਲੋੜੇ ਸਵਾਲ ਕਰ ਕੇ ਅੰਦੋਲਨਕਾਰੀ ਕਿਸਾਨਾਂ ਨੂੰ ਨਕਸਲੀ ਤੇ ਖਾਲਿਸਤਾਨੀ ਸਾਬਤ ਕਰਨ ’ਤੇ ਜ਼ੋਰ ਲਗਾ ਰਿਹਾ ਹੈ, ਜਦਕਿ ਲੋਕਤੰਤਰ ਦੇ ਚੌਥੇ ਥੰਮ੍ਹ ਦਾ ਵੱਡਾ ਹਿੱਸਾ ਆਪਣੀ ਜ਼ਿੰਮੇਵਾਰੀ ਸਹੀ ਨਿਭਾ ਕੇ ਲੋਕਾਂ ਦੀ ਆਵਾਜ਼ ਘਰ-ਘਰ ਪਹੁੰਚਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾ, ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਮੋਦੀ ਸਰਕਾਰ ਖ਼ਿਲਾਫ਼ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਜੋ ਸ਼ਰਤਾਂ ਰੱਖ ਕੇ ਗੱਲਬਾਤ ਕਰਨ ਲਈ ਕਿਸਾਨਾਂ ਨੂੰ ਕਹਿ ਰਹੇ ਹਨ, ਉਨ੍ਹਾਂ ਸ਼ਰਤਾਂ ਮੁਤਾਬਕ ਸਰਕਾਰ ਨਾਲ ਗੱਲਬਾਤ ਨਹੀਂ ਹੋ ਸਕਦੀ। ਜੰਡਿਆਲਾ ਗੁਰੂ ਰੇਲ ਅੰਦੋਲਨ ਨੂੰ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ, ਸੋਹਣ ਸਿੰਘ ਨੇ ਵੀ ਸੰਬੋਧਨ ਕੀਤਾ।