ਟ੍ਰਿਬਿਊਨ ਨਿਊਜ਼ ਸਰਵਿਸ
ਕੋਟਕਪੂਰਾ, 1 ਜੂਨ
ਬੇਅਦਬੀ ਅਤੇ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਿਆਂ ਵਿੱਚ ਕੀਤੀ ਗਈ ਅਰਦਾਸ ਦੌਰਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਕੋਈ ਭਰੋਸਾ ਨਹੀਂ ਪਰ ਕਸੂਰਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਉਹ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿਟ ਦਾ ਪੂਰਾ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਬਰਗਾੜੀ ਦੀ ਧਰਤੀ ’ਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰ ਕੇ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇੰਨੇ ਸਾਲ ਬੀਤਣ ਮਗਰੋਂ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਹੁਣ ਉਨ੍ਹਾਂ ਨੇ ਗੁਰੂ ਅੱਗੇ ਅਰਦਾਸ ਕੀਤੀ ਹੈ। ਸਰਕਾਰ ਦੀ ਸਪੈਸ਼ਲ ਜਾਂਚ ਟੀਮ ਬਾਰੇ ਉਨ੍ਹਾਂ ਕਿਹਾ ਕਿ ਇਸ ਦਾ ਕੋਈ ਫਾਇਦਾ ਨਹੀਂ।