ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਦੇ ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ ਪੰਜ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ 10 ’ਚੋਂ ਕੁੱਝ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ ਪੰਜ ਰਹਿ ਗਈ ਤਾਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀਪੀਐੱਸਸੀ ਦੇ 10 ਮੈਂਬਰਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭਾਂ ਨਾਲ ਸੂਬੇ ਦੇ ਖ਼ਜ਼ਾਨੇ ’ਤੇ ਨਾਜਾਇਜ਼ ਬੋਝ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਅਤੇ ਕਰਦਾਤਾਵਾਂ ਦੇ ਪੈਸੇ ਬਚਾਉਣ ਲਈ ਮੈਂਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਨਾਲ ਜਿੱਥੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲੇਗਾ, ਉੱਥੇ ਹੀ ਕਰ ਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। ਇੰਝ ਬਚਾਇਆ ਗਿਆ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ’ਤੇ ਖ਼ਰਚਿਆ ਜਾਵੇਗਾ।