ਖੇਤਰੀ ਪ੍ਰਤੀਨਿਧ
ਲੁਧਿਆਣਾ, 5 ਫਰਵਰੀ
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਪੰਜਾਬੀ ਭਵਨ ਵਿਚ ਆਪਣਾ ਕਾਰਜਭਾਰ ਸੰਭਾਲ ਲਿਆ ਹੈ।
ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਮਾਨ ਨੇ ਕਿਹਾ ਕਿ ਪੰਜਾਬੀ ਭਵਨ ਦੇ ਪੁਸਤਕ ਬਾਜ਼ਾਰ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਟੀਮ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪੰਜਾਬੀ ਲੇਖਕ ਸਭਾ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਅਤੇ ਕਲਾ ਪਰਿਸ਼ਦ ਨਵੀਂ ਚੁਣੀ ਗਈ ਟੀਮ ਨੂੰ ਸਹਿਯੋਗ ਦੇਣਗੇ। ਡਾ. ਐੱਸਪੀ ਸਿੰਘ ਨੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦਾ ਸਵਾਗਤ ਕੀਤਾ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਪਿਛਲੇ ਸਮਿਆਂ ਵਿਚ ਲੋਕ ਪੱਖੀ ਨਾਟਕਾਂ ਦਾ ਰੰਗਮੰਚ ਲਈ ਵੱਡਾ ਯੋਗਦਾਨ ਰਿਹਾ ਹੈ।
ਨਾਟਕਾਂ ਦੀ ਪਟਕਥਾ ਸਬੰਧੀ ਮੁਕਾਬਲੇ ਵੀ ਹੋਣੇ ਚਾਹੀਦੇ ਹਨ। ਲੇਖਕਾਂ ਨੂੰ ਵਾਰਤਕ ਲਿਖਣ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।
ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਪੜ੍ਹਨ ਤੇ ਪੰਜਾਬੀ ਭਵਨ ਦੀਆਂ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਆ ਜਾਣਾ ਬਹੁਤ ਜ਼ਰੂਰੀ ਹੈ। ਡਾ. ਐੱਸਐੱਸ ਜੌਹਲ ਨੇ ਕਿਹਾ ਕਿ ਲਾਇਬ੍ਰੇਰੀ ਦੇ ਰੁਕੇ ਕੰਮਾਂ ਨੂੰ ਪੂਰਾ ਕਰਨ ਵੱਲ ਧਿਆਨ ਦਿੱਤਾ ਜਾਵੇ। ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਜਗਦੀਸ਼ ਪਾਲ ਸਿੰਘ ਗਰੇਵਾਲ ਵੱਲੋਂ ਦਿੱਤਾ ਇੱਕ ਲੱਖ ਰੁਪਏ ਦਾ ਚੈੱਕ ਕਹਾਣੀਕਾਰ ਸੁਖਜੀਤ ਨੇ ਪੰਜਾਬੀ ਸਾਹਿਤ ਅਕਾਦਮੀ ਦੇ ਅਹੁਦੇਦਾਰਾਂ ਨੂੰ ਭੇਟ ਕੀਤਾ। ਪਰਵਾਸੀ ਪੰਜਾਬੀ ਸੁਰਿੰਦਰ ਸਿੰਘ ਸੁੰਨੜ ਨੇ ਅਕਾਦਮੀ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਇਸ ਮੌਕੇ ਐੱਮਐੱਸ ਨਕਸ਼ਦੀਪ ਪੰਜਕੋਹਾ, ਦਰਸ਼ਨ ਬੁੱਟਰ, ਸਹਿਜਪ੍ਰੀਤ ਸਿੰਘ ਮਾਂਗਟ, ਤ੍ਰੈਲੋਚਨ ਲੋਚੀ, ਭਗਵੰਤ ਰਸੂਲਪੁਰੀ, ਡਾ. ਨਿਰਮਲ ਜੌੜਾ, ਜਨਮੇਜਾ ਸਿੰਘ ਜੌਹਲ ਮੌਜੂਦ ਸਨ।