ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤਣ ’ਤੇ ਵਧਾਈ ਦਿੱਤੀ ਹੈ। ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵੱਲੋਂ ਸਹਿਯੋਗ ਦੇਣ ਦੀ ਪੇਸ਼ਕਸ਼ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਪੰਥਕ ਧਿਰਾਂ ਦੇ ਨਾਲ ਰਲ ਕੇ ਬੰਦੀ ਸਿੰਘਾਂ ਦੇ ਪਰਿਵਾਰ ਵਿੱਚੋਂ ਉਮੀਦਵਾਰ ਖੜ੍ਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਪ੍ਰਵਾਨਗੀ ਮਿਲਣ ਦੇ ਬਾਵਜੂਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੱਤ ਮਹੀਨਿਆਂ ਤੋਂ ਰਿਹਾਈ ਦਸਤਾਵੇਜ਼ਾਂ ’ਤੇ ਹਸਤਾਖ਼ਰ ਨਾ ਕੀਤੇ ਜਾਣ ਕਾਰਨ ਪ੍ਰੋ. ਭੁੱਲਰ ਦੀ ਰਿਹਾਈ ਨਹੀਂ ਹੋ ਰਹੀ ਹੈ।
ਸੀਨੀਅਰ ਲੀਡਰਸ਼ਿਪ ਹਾਰ ਦੀ ਪੜਚੋਲ ਕਰੇਗੀ: ਹਰਸਿਮਰਤ
ਮਾਨਸਾ (ਪੱਤਰ ਪ੍ਰੇਰਕ): ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੀ ਹਾਰ ਨੂੰ ਸਿਰ ਮੱਥੇ ਪ੍ਰਵਾਨ ਕਰਦਿਆਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਇਸ ਹਾਰ ਦੀ ਪੜਚੋਲ ਕਰੇਗੀ। ਉਹ ਅੱਜ ਮਾਨਸਾ ਜ਼ਿਲ੍ਹੇ ਵਿੱਚ ਕੁਝ ਪਾਰਟੀ ਵਰਕਰਾਂ ਨਾਲ ਦੁੱਖ-ਸੁੱਖ ਸਾਂਝੇ ਕਰਨ ਲਈ ਉਨ੍ਹਾਂ ਦੇ ਘਰਾਂ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਹਮੇਸ਼ਾ ਅਕਾਲੀ ਦਲ ਦਾ ਭਰਵਾਂ ਸਹਿਯੋਗ ਦਿੱਤਾ ਹੈ ਅਤੇ ਜੇਕਰ ਹੁਣ ਹਾਰ ਹੋ ਗਈ ਹੈ ਤਾਂ ਨਵੇਂ ਸਿਰੇ ਤੋਂ ਪਾਰਟੀ ਦੀ ਲੀਡਰਸ਼ਿਪ ਪੰਥਕ ਝੰਡਾ ਬੁਲੰਦ ਕਰਨ ਲਈ ਹਰ ਸੰਭਵ ਉਪਰਾਲਾ ਕਰੇਗੀ।
ਮਾਨ ਸੰਸਦ ਵਿੱਚ ਸਿੱਖਾਂ ਦੇ ਮਸਲੇ ਉਠਾਉਣ: ਧਾਮੀ
ਅੰਮ੍ਰਿਤਸਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਲ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਸੰਸਦ ਵਿੱਚ ਸਿੱਖ ਮਸਲੇ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ’ਤੇ ਭਰੋਸਾ ਕੀਤਾ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਖ਼ਾਸ ਕਰ ਕੇ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਆਵਾਜ਼ ਚੁੱਕਣੀ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰੀ ਐਲਾਨ ਦੇ ਬਾਵਜੂਦ ਜਾਣ-ਬੁੱਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ।