ਪਰਸ਼ੋਤਮ ਬੱਲੀ/ਰਵਿੰਦਰ ਰਵੀ
ਬਰਨਾਲਾ, 28 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਬਰਨਾਲਾ ਵਿੱਚ ਸੂਬਾ ਪੱਧਰੀ ‘ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਰੈਲੀ’ ਕੀਤੀ ਗਈ। ਇਸ ਮੌਕੇ ਬਸੰਤੀ ਚੁੰਨੀਆਂ ਲੈ ਕੇ ਤੇ ਪੱਗਾਂ ਬੰਨ੍ਹ ਕੇ ਪੁੱਜੇ ਵੱਡੀ ਗਿਣਤੀ ਲੋਕਾਂ ਨੇ ਭਗਤ ਸਿੰਘ ਦੀਆਂ ਤਸਵੀਰਾਂ ਵਾਲੀਆਂ ਤਖ਼ਤੀਆਂ ਹੱਥਾਂ ’ਚ ਫੜ ਕੇ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਦਾ ਅਹਿਦ ਲਿਆ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਦਿਖਾਏ ਰਾਹ ’ਤੇ ਚੱਲ ਕੇ ਹੀ ਮੌਜੂਦਾ ਸਮੇਂ ’ਚ ਗੰਭੀਰ ਸੰਕਟ ਵਿੱਚ ਫ਼ਸੇ ਖੇਤੀ ਖੇਤਰ ਅਤੇ ਸਮੁੱਚੇ ਅਰਥਚਾਰੇ ਨੂੰ ਤਰੱਕੀ ਦੇ ਰਾਹ ਤੋਰਿਆ ਜਾ ਸਕਦਾ ਹੈ। ਸ੍ਰੀ ਉਗਰਾਹਾਂ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਤੇ ਉਸ ਦੇ ਫਿਰਕਾਪ੍ਰਸਤ ਪੈਰੋਕਾਰ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿ ਕੇ ਸਾਮਰਾਜਵਾਦ ਤੇ ਜਗੀਰਦਾਰੀ ਦੀ ਸੇਵਾ ਕਰਨ ਦਾ ਪੁਸ਼ਤੈਨੀ ਰੋਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਦਾ ਦਰਸਾਇਆ ਮਾਰਗ ਹੀ ਲੋਕ ਕਲਿਆਣ ਦਾ ਇੱਕੋ ਇੱਕ ਰਾਹ ਹੈ।
ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕੌਮ ਦੇ ਮੂਹਰੇ ਇਸ ਦੇ ਕਲਿਆਣ ਲਈ ਠੋਸ ਤੇ ਸਪੱਸ਼ਟ ਸੰਕਲਪ ਰੱਖਿਆ ਸੀ। ਇਸ ਦੌਰਾਨ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਬਿੰਦੂ, ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਪੀਐੱਸਯੂ (ਸ਼ਹੀਦ ਰੰਧਾਵਾ) ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ, ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਤੇ ਠੇਕਾ ਮੁਲਾਜ਼ਮ ਮੋਰਚਾ ਦੇ ਆਗੂ ਜਗਰੂਪ ਸਿੰਘ ਲਹਿਰਾ ਨੇ ਵੀ ਸੰਬੋਧਨ ਕੀਤਾ।
ਮਨੁੱਖਤਾਵਾਦੀ ਮਾਹੌਲ ਸਿਰਜਣ ਲਈ ਸਰਕਾਰਾਂ ’ਤੇ ਦਬਾਅ ਪਾਉਣ ਦਾ ਸੱਦਾ
ਚੰਡੀਗੜ੍ਹ (ਟਨਸ): ਪੰਜਾਬ ਭਰ ’ਚ ਅੱਜ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਉਂਦਿਆਂ ਮਨੁੱਖਤਾਵਾਦੀ ਮਹੌਲ ਸਿਰਜਣ ਲਈ ਸਰਕਾਰਾਂ ’ਤੇ ਦਬਾਅ ਪਾਉਣ ਦਾ ਸੱਦਾ ਦਿੱਤਾ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ ’ਚ 54 ਥਾਵਾਂ ’ਤੇ ਸਮਾਗਮ ਕੀਤੇ ਗਏ। ਇਸੇ ਤਰ੍ਹਾਂ ਕਿਸਾਨ ਸੰਘਰਸ਼ ਕਮੇਟੀ ਵੱਲੋਂ ਵੀ ਸੂਬੇ ਵਿੱਚ ਕਈ ਥਾਈਂ ਸਮਾਗਮ ਕੀਤੇ ਗਏ। ਇਸ ਮੌਕੇ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਅਤੇ ਕੁਰਬਾਨੀ ’ਤੇ ਚਾਣਨਾ ਪਾਉਂਦਿਆਂ ਕਿਹਾ ਕਿ ਅੱਜ ਕਿਸਾਨ-ਅੰਦੋਲਨ ਦੀ ਜਿੱਤ ਤੋਂ ਬਾਅਦ ਸਮਾਜ ਦੇ ਤਬਕਿਆਂ ਨੂੰ ਸਰਕਾਰਾਂ ਅਤੇ ਪੂੰਜੀਪਤੀਆਂ ਵੱਲੋਂ ਪੈਦਾ ਕੀਤੇ ਲੁੱਟ ਦੇ ਮਹੌਲ ਵਿੱਚ ਭਗਤ ਸਿੰਘ ਦੇ ਵਿਚਾਰਾਂ ਦੀ ਪ੍ਰਸੰਗਿਕਤਾ ਹੋਰ ਵੀ ਵੱਧ ਗਈ ਹੈ। ਇਸ ਮੌਕੇਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਗੁਰਦੀਪ ਸਿੰਘ ਰਾਮਪੁਰਾ ਤੇ ਹੋਰਨਾਂ ਨੇ ਸੰਬੋਧਨ ਕੀਤਾ।