ਸੰਜੀਵ ਹਾਂਡਾ
ਫ਼ਿਰੋਜ਼ਪੁਰ, 4 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ’ਚ ਭਲਕੇ 5 ਜਨਵਰੀ ਨੂੰ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ। ਰੈਲੀ ਕਾਮਯਾਬ ਕਰਨ ਲਈ ਜਿੱਥੇ ਭਾਜਪਾ ਆਗੂ ਪੱਬਾਂ ਭਾਰ ਨਜ਼ਰ ਆ ਰਹੇ ਹਨ, ਉਥੇ ਹੀ ਕਿਸਾਨ ਜਥੇਬੰਦੀਆਂ ਇਸ ਰੈਲੀ ਦੇ ਵਿਰੋਧ ਵਿਚ ਸਰਗਰਮ ਦਿਖਾਈ ਦੇ ਰਹੀਆਂ ਹਨ। ਪੁਲੀਸ ਨੇ ਅੱਜ ਫ਼ਿਰੋਜ਼ਪੁਰ-ਜ਼ੀਰਾ ਰੋਡ ’ਤੇ ਪੈਂਦੇ ਪਿੰਡ ਭੜਾਨਾ ਵਿੱਚ ਮੋਦੀ ਦੀ ਰੈਲੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਰਾਹ ਵਿੱਚ ਹੀ ਰੋਕ ਲਿਆ। ਆਗੂਆਂ ਨੇ ਪੁਲੀਸ ’ਤੇ ਲਾਠੀਚਾਰਜ ਕਰਨ ਦਾ ਦੋਸ਼ ਲਾਇਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਜਦੋਂ ਤਕ ਕਿਸਾਨਾਂ ਦੀਆਂ ਬਕਾਇਆ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤਕ ਵਿਰੋਧ ਜਾਰੀ ਰਹੇਗਾ।
ਇਸੇ ਤਰ੍ਹਾਂ ਮਾਛੀਵਾੜਾ ਪਿੰਡ ਵਿੱਚ ਅੱਜ ਇੱਕ ਕਿਸਾਨ ਜਥੇਬੰਦੀ ਵੱਲੋਂ ਪਿੰਡ ਦੀਆਂ ਕੰਧਾਂ ’ਤੇ ਲੱਗੇ ਨਰਿੰਦਰ ਮੋਦੀ ਦੇ ਇਸ਼ਤਿਹਾਰ ਪਾੜ ਦਿੱਤੇ ਗਏ। ਕਿਸਾਨਾਂ ਦੀ ਇਸ ਕਾਰਵਾਈ ਤੋਂ ਭਾਜਪਾ ਆਗੂ ਕਾਫ਼ੀ ਨਾਰਾਜ਼ ਨਜ਼ਰ ਆ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਦੇ ਐਲਾਨ ਤੋਂ ਬਾਅਦ ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਪੂਰੀ ਤਰ੍ਹਾਂ ਨਾਲ ਚੌਕਸ ਹੋ ਗਈਆਂ ਹਨ।
ਕਿਸਾਨ ਅੱਜ ਪੰਜਾਬ ਭਰ ਵਿਚ ਫੂਕਣਗੇ ਪ੍ਰਧਾਨ ਮੰਤਰੀ ਦੇ ਪੁਤਲੇ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):ਕਿਸਾਨਾਂ ਨੇ ਭਲਕੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਸੂਬੇ ਭਰ ਵਿੱਚ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਅਜੈ ਮਿਸ਼ਰਾ ਟੈਨੀ ਸਮੇਤ ਲਖੀਮਪੁਰ ਖੀਰੀ ਕਾਂਡ ਦੇ ਸਾਰੇ ਮੁਲਜ਼ਮਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਨ, ਐੱਮਐੱਸਪੀ ’ਤੇ ਸਾਰੀਆਂ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦੇਣ, ਦਿੱਲੀ ਤੇ ਚੰਡੀਗੜ੍ਹ ਸਮੇਤ ਸਾਰੇ ਸੂਬਿਆਂ ਵਿੱਚ ਅੰਦੋਲਨਕਾਰੀ ਕਿਸਾਨਾਂ-ਮਜ਼ਦੂਰਾਂ ਖ਼ਿਲਾਫ਼ ਦਰਜ ਪੁਲੀਸ ਕੇਸ ਰੱਦ ਕਰਨ ਦੇ ਲਿਖਤੀ ਵਾਅਦੇ ਪੂਰੇ ਕਰਨ ਸਮੇਤ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖਤਮ ਕਰਨ ਵਰਗੀਆਂ ਮੰਗਾਂ ਮੰਨਵਾਉਣ ਲਈ ਮੁਹਿੰਮ ਵਿੱਢੀ ਜਾਵੇਗੀ। ਇਸ ਦੌਰਾਨ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਕਿਸਾਨਾਂ ਦੇ ਧਰਨੇ ਅੱਜ 15ਵੇਂ ਦਿਨ ਵੀ ਜਾਰੀ ਰਹੇ ਪਰ ਅਫਸਰਾਂ ਦਾ ਘਿਰਾਓ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਭਖਦੇ ਕਿਸਾਨੀ ਮਸਲਿਆਂ ਸਬੰਧੀ ਲਗਾਤਾਰ ਟਾਲ-ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਇਸ ਦੇ ਰੋਸ ਵਜੋਂ 15 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਦੇ ਘਿਰਾਓ ਅੱਜ ਮੁਲਤਵੀ ਕਰ ਦਿੱਤੇ ਗਏ ਪਰ ਦਿਨ-ਰਾਤ ਦੇ ਧਰਨੇ ਜਾਰੀ ਰਹੇ।