ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਸਤੰਬਰ
ਪੰਜਾਬ ਪੁਲੀਸ ਵੱਲੋਂ ਗੈਂਗਸਟਰ ਤੋਂ ਅਤਵਿਾਦੀ ਬਣੇ ਲਖਬੀਰ ਸਿੰਘ ਉਰਫ਼ ਲੰਡਾ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ’ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਸੂਬੇ ਦੇ 28 ਪੁਲੀਸ ਜ਼ਿਲ੍ਹਿਆਂ ’ਚ ਲਖਬੀਰ ਲੰਡਾ ਦੇ ਲਗਪਗ 297 ਸਾਥੀਆਂ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਅਪਰੇਸ਼ਨ ਨੂੰ ਸਫਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ’ਚ ਮਜ਼ਬੂਤ ਟੀਮਾਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ ਦੀਆਂ 150 ਪਾਰਟੀਆਂ, ਜਨਿ੍ਹਾਂ ’ਚ ਲਗਪਗ 1200 ਮੁਲਾਜ਼ਮ ਸ਼ਾਮਲ ਹਨ, ਨੇ ਸੂਬੇ ਭਰ ’ਚ ਛਾਪੇਮਾਰੀ ਕੀਤੀ। ਇਸ ਦੌਰਾਨ ਪੁੱਛ-ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ ਉਨ੍ਹਾਂ ਕੋਲੋਂ ਅਪਰਾਧਿਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਸ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲੀਸ ਅਧਿਾਕਾਰੀ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲੀਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ’ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟ੍ਰਾਨਿਕ ਡਵਿਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿੰਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ, ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਵੀ ਅਗਲੇਰੀ ਜਾਂਚ ਲਈ ਇਕੱਠੇ ਕੀਤੇ ਗਏ ਹਨ।