ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਿੰਡ ਘਾਬਦਾਂ ਵਿੱਚ ਮੈਡੀਕਲ ਕਾਲਜ ਅਤੇ ਪਿੰਡ ਦੇਹ ਕਲਾਂ ਵਿੱਚ ਪੰਜਾਬ ਸੀਮਿੰਟ ਪਲਾਂਟ (ਸ੍ਰੀ ਸੀਮਿੰਟ ਲਿਮਿਟਡ ਦੀ ਸਹਾਇਕ ਕੰਪਨੀ) ਦਾ ਨੀਂਹ ਪੱਥਰ ਰੱਖਿਆ।
ਪਿੰਡ ਦੇਹ ਕਲਾਂ ਅਤੇ ਘਾਬਦਾਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਾਂਗਰਸ ਦੇ ਮੌਜੂਦਾ ਸਮੇਂ ਨੂੰ ਯੁੱਗ ਪਰਿਵਰਤਨ ਦਾ ਸਮਾਂ ਦੱਸਦਿਆਂ ਕਿਹਾ ਕਿ ਅਸਲ ਵਿਚ ਸੱਤਾ ਆਮ ਲੋਕਾਂ ਦੇ ਹੱਥ ਆ ਗਈ ਹੈ ਅਤੇ ਰਜਵਾੜਾਸ਼ਾਹੀ ਦੌਰ ਦਾ ਅੰਤ ਹੋ ਗਿਆ। ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਚੰਨੀ ਨੇ ਕਿਹਾ ਕਿ ਅਕਾਲੀ ਦਲ ਉਦੋਂ ਤਕ ਪੈਰਾਂ ਸਿਰ ਨਹੀਂ ਹੋ ਸਕਦਾ ਜਦੋਂ ਤਕ ਸੁਖਬੀਰ ਅਤੇ ਮਜੀਠੀਆ ਪਾਰਟੀ ਦਾ ਹਿੱਸਾ ਹਨ। ਉਨ੍ਹਾਂ ਭਗਵੰਤ ਮਾਨ ’ਤੇ ਅਸਿੱਧੇ ਢੰਗ ਨਾਲ ਹਮਲਾ ਕਰਦਿਆਂ ਕਿਹਾ ਕਿ ਚੁਟਕਲੇ ਸੁਣਾਉਣਾ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਨਾਲੋਂ ਬਿਲਕੁਲ ਵੱਖਰੀ ਚੀਜ਼ ਹੈ।
ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਪਿੰਡ ਦੇਹ ਕਲਾਂ ਵਿੱਚ ਸੀਮਿੰਟ ਪਲਾਂਟ ਦੇ ਉਦਘਾਟਨ ਮਗਰੋਂ ਕਿਹਾ ਕਿ ਪੰਜ ਮਿਲੀਅਨ ਟਨ ਪ੍ਰਤੀ ਸਾਲ ਦੀ ਸਮਰੱਥਾ ਵਾਲੇ ਇਸ ਪ੍ਰਾਜੈਕਟ ’ਤੇ 700 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਪ੍ਰਾਜੈਕਟ ਲਈ ਲਗਪਗ 104 ਏਕੜ ਜ਼ਮੀਨ (ਰੇਲਵੇ ਸਾਈਡਿੰਗ ਸਮੇਤ) ਦੀ ਲੋੜ ਹੈ, ਜੋ ਪਹਿਲਾਂ ਹੀ ਖਰੀਦੀ ਜਾ ਚੁੱਕੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਪ੍ਰਾਜੈਕਟ ਲਈ 40 ਲੱਖ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ।
ਪਿੰਡ ਘਾਬਦਾਂ ਵਿੱਚ ਸਰਕਾਰੀ ਮੈਡੀਕਲ ਕਾਲਜ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 350 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ। ਉਨ੍ਹਾਂ ਮੈਡੀਕਲ ਕਾਲਜ ਲਈ 10 ਏਕੜ ਜ਼ਮੀਨ ਦਾਨ ਕਰਨ ਵਾਸਤੇ ਗਊਸ਼ਾਲਾ ਪ੍ਰਬੰਧਕਾਂ ਦੇ ਕਦਮ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਗਊਸ਼ਾਲਾ ਨੂੰ ਇਸ ਬਦਲੇ ਪੰਜ ਸਾਲਾਂ ਲਈ 10 ਲੱਖ ਰੁਪਏ ਸਾਲਾਨਾ ਦਿੱਤੇ ਜਾਣਗੇ। ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਇਲਾਕੇ ਵਿੱਚ ਸਭ ਤੋਂ ਵੱਡਾ ਨਿਵੇਸ਼ ਕਰਾਰ ਦਿੱਤਾ। ਐੱਮਡੀ ਐੱਚਐੱਮ ਬੰਗੜ ਨੇ ਕਿਹਾ ਕਿ ਸੀਮਿੰਟ ਪ੍ਰਾਜੈਕਟ 15 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਵਿਧਾਇਕ ਦਲਵੀਰ ਸਿੰਘ ਗੋਲਡੀ, ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ, ਕੁਲਵੰਤ ਰਾਏ ਸਿੰਗਲਾ, ਰਾਜਿੰਦਰ ਸਿੰਘ ਰਾਜਾ ਹਾਜ਼ਰ ਸਨ।